Breaking News
Home / ਭਾਰਤ / ‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ

‘ਆਪ’ ਵੱਲੋਂ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ

ਚੰਡੀਗੜ੍ਹ ‘ਚ ਭਾਜਪਾ ਦੇ ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਸੀਬੀਆਈ ਵੱਲੋਂ ਆਬਕਾਰੀ ਨੀਤੀ ‘ਚ ਘੁਟਾਲਾ ਕਰਨ ਦੇ ਆਰੋਪ ਹੇਠ ‘ਆਪ’ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਵਿਰੋਧ ਕਰਦਿਆਂ ਪਾਰਟੀ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਨੇ ਸ਼ਹਿਰ ਦੇ ਸੈਕਟਰ-37 ਵਿੱਚ ਸਥਿਤ ਭਾਜਪਾ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ‘ਆਪ’ ਵਰਕਰਾਂ ਨੇ ਇਕੱਠੇ ਹੋ ਕੇ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਲਈ ਕੂਚ ਕੀਤਾ, ਪਰ ਪੁਲਿਸ ਨੇ ‘ਆਪ’ ਵਰਕਰਾਂ ਨੂੰ ਕੁਝ ਦੂਰੀ ‘ਤੇ ਹੀ ਰੋਕ ਦਿੱਤਾ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਕਈ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਸਣੇ ਵੱਡੀ ਗਿਣਤੀ ‘ਆਪ’ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।
ਇਸ ਧਰਨੇ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਨਮੋਲ ਗਗਨ ਮਾਨ, ਲਾਲਚੰਦ ਕਟਾਰੂਚੱਕ, ਬ੍ਰਹਮ ਸ਼ੰਕਰ ਜਿੰਪਾ, ਡਾ. ਬਲਬੀਰ ਸਿੰਘ, ਹਰਜੋਤ ਬੈਂਸ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁਲੱਰ, ਚੇਤਨ ਸਿੰਘ ਜੌੜਾਮਾਜਰਾ, ਡਾ. ਇੰਦਰਬੀਰ ਸਿੰਘ ਨਿੱਝਰ ਅਤੇ ‘ਆਪ’ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਸਮੇਤ ਪਾਰਟੀ ਵਰਕਰ ਮੌਜੂਦ ਸਨ।
ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ। ਇਸੇ ਦੌਰਾਨ ‘ਆਪ’ ਹਰਿਆਣਾ ਵੱਲੋਂ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਗਵੰਤ ਮਾਨ ਅਸਤੀਫ਼ਾ ਦੇਵੇ: ਬਾਜਵਾ : ਪੰਜਾਬ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋ ਚੁੱਕੀ ਹੈ ਤੇ ਦਿਨ ਦਿਹਾੜੇ ਕਤਲ ਹੋ ਰਹੇ ਹਨ। ਅਜਿਹੇ ਮਾਹੌਲ ਕਾਰਨ ਪੰਜਾਬ ਦੇ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਬਣ ਗਈ ਹੈ।

Check Also

ਯੂਪੀ ਦੇ ਹਾਥਰਸ ’ਚ ਧਾਰਮਿਕ ਸਥਾਨ ’ਤੇ ਮਚੀ ਭਗਦੜ-50 ਤੋਂ ਜ਼ਿਆਦਾ ਮੌਤਾਂ

200 ਦੇ ਕਰੀਬ ਵਿਅਕਤੀ ਜ਼ਖਮੀ ਵੀ ਹੋਏ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ …