Breaking News
Home / ਪੰਜਾਬ / ਸਾਬਕਾ ਵਿਧਾਇਕ ਮਦਦ ਲਾਲ ਜਲਾਲਪੁਰ ਖਿਲਾਫ਼ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਸਾਬਕਾ ਵਿਧਾਇਕ ਮਦਦ ਲਾਲ ਜਲਾਲਪੁਰ ਖਿਲਾਫ਼ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਲੁੱਕ ਆਉਟ ਨੋਟਿਸ ਕੀਤਾ ਜਾਰੀ
ਪਟਿਆਲਾ : ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵੀ ਪੰਜਾਬ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਘਨੌਰ ਹਲਕੇ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ ਘਪਲੇ ਦੇ ਮਾਮਲੇ ‘ਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਨਾਮਜ਼ਦ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਮਦਨ ਲਾਲ ਜਲਾਲਪੁਰ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਿਜੀਲੈਂਸ ਬਿਊਰੋ ਪਟਿਆਲਾ ਨੇ ਪੜਤਾਲ ਕੀਤੀ ਸੀ। ਇਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਕਰੋੜਾਂ ਰੁਪਏ ਦੀ ਮੁਆਵਜ਼ਾ ਰਾਸ਼ੀ ਨਾਲ ਜੋ ਵਿਕਾਸ ਕੰਮ ਕਰਵਾਏ ਗਏ ਹਨ, ਉਨ੍ਹਾਂ ਵਿਚ ਕਰੋੜਾਂ ਰੁਪਏ ਦਾ ਗ਼ਬਨ ਤੇ ਬੇਨਿਯਮੀਆਂ ਕੀਤੀਆਂ ਗਈਆਂ ਹਨ। ਧਿਆਨ ਰਹੇ ਕਿ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਕੁੱਝ ਸਮਾਂ ਪਹਿਲਾਂ ਆਸਟਰੇਲੀਆ ਚਲੇ ਗਏ ਸਨ, ਜਿੱਥੋਂ ਉਹ ਅਮਰੀਕਾ ਜਾਣਾ ਚਾਹੁੰਦੇ ਸਨ ਪਰ ਸਾਬਕਾ ਵਿਧਾਇਕ ਨੂੰ ਵੀਜ਼ਾ ਨਹੀਂ ਮਿਲ ਸਕਿਆ। ਹੁਣ ਜਦੋਂ ਜਲਾਲਪੁਰ ਮੁੜ ਵਿਦੇਸ਼ ਜਾਣ ਦੀ ਤਿਆਰੀ ਕਰ ਰਹੇ ਸਨ ਤਾਂ ਪੰਜਾਬ ਸਰਕਾਰ ਨੇ ਲੁੱਕ ਆਊਟ ਸਰਕੁਲਰ ਜਾਰੀ ਕਰ ਦਿੱਤਾ ਹੈ। ਵਿਜੀਲੈਂਸ ਵੱਲੋਂ ਜਲਾਲਪੁਰ ਦੇ ਵਿਦੇਸ਼ ਵਿੱਚ ਕਾਰੋਬਾਰ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ ਕਿਉਂਕਿ ਵਿਜੀਲੈਂਸ ਨੂੰ ਜਲਾਲਪੁਰ ਦਾ ਅਮਰੀਕਾ ਵਿਚ ਇੱਕ ਮੈਰਿਜ ਪੈਲੇਸ ਹੋਣ ਦਾ ਸ਼ੱਕ ਹੈ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਪਿਛਲੀਆਂ ਸਰਕਾਰਾਂ ਸਮੇਂ ਹੋਏ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

 

Check Also

ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ

ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …