ਪਰਵਾਸੀ ਪੰਜਾਬੀਆਂ ਦਾ ਸਿੱਖਿਆ ਤੇ ਵਾਤਾਵਰਣ ਦੇ ਖੇਤਰ ਵਿੱਚ ਵੱਡਾ ਯੋਗਦਾਨ : ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਦ੍ਰਿਸ਼ਟੀ ਪੰਜਾਬ ਕੈਨੇਡਾ ਵੱਲੋਂ ਕਰਵਾਏ ਗਏ 12ਵੇਂ ਸਮਾਗਮ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਉਨ੍ਹਾਂ 19 ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕੀਤੀ ਗਈ, ਜਿਹੜੇ ਮੈਰਿਟ ਵਿੱਚ ਆਏ ਸਨ। ਦ੍ਰਿਸ਼ਟੀ ਪੰਜਾਬ ਕੈਨੇਡਾ ਪਿਛਲੇ 12 ਸਾਲਾਂ ਤੋਂ ਪੰਜਾਬ ਦੇ ਸਿੱਖਿਆ ਅਤੇ ਵਾਤਾਵਰਣ ਖੇਤਰ ਵਿੱਚ ਬੜੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਤੇ ਖ਼ਾਸ ਕਰਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਯੋਗ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਦ੍ਰਿਸ਼ਟੀ ਪੰਜਾਬ ਡਾਕਟਰਾਂ, ਵਕੀਲਾਂ, ਪੱਤਰਕਾਰਾਂ, ਲੇਖਕਾਂ, ਕਾਰੋਬਾਰੀਆਂ ਅਤੇ ਸਮਾਜ ਸੇਵੀਆਂ ਦਾ ਇੱਕ ਸਮੂਹ ਹੈ। ਇਸਦੇ ਮੁੱਖ ਸੰਚਾਲਕ ਕੈਨੇਡਾ ਰਹਿੰਦੇ ਐਡਵੋਕੇਟ ਹਰਮਿੰਦਰ ਸਿੰਘ ਢਿੱਲੋਂ, ਜਸਵੀਰ ਸਿੰਘ ਸ਼ਮੀਲ ਤੇ ਮੁਨੀਸ਼ ਸ਼ਰਮਾ ਹਨ। ਦ੍ਰਿਸ਼ਟੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿੱਚ 50 ਦੇ ਕਰੀਬ ਕੰਪਿਊਟਰ ਵੰਡੇ ਸਨ।
2 ਮਾਰਚ 2023, ਦਿਨ ਵੀਰਵਾਰ ਨੂੰ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਦ੍ਰਿਸ਼ਟੀ ਪੰਜਾਬ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਪਹੁੰਚੇ। ਦ੍ਰਿਸ਼ਟੀ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਪੰਜਾਹ-ਪੰਜਾਹ ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਦ੍ਰਿਸ਼ਟੀ ਪੰਜਾਬ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਪਰਵਾਸੀ ਪੰਜਾਬੀਆਂ ਨੇ ਹਮੇਸ਼ਾ ਹੀ ਪੰਜਾਬ ਦੇ ਬਹੁਪੱਖੀ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ੁਭ ਸ਼ਗਨ ਹੈ ਕਿ ਪਰਵਾਸੀ ਪੰਜਾਬ ਹੁਣ ਸਿੱਖਿਆ ਅਤੇ ਵਾਤਾਵਰਣ ਦੇ ਖੇਤਰਾਂ ਵਿੱਚ ਵੱਧ ਧਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕੰਮ ਕਰ ਰਹੀ ਹੈ। ਅਜਿਹਾ ‘ਆਪ’ ਦੀ ਦਿੱਲੀ ਸਰਕਾਰ ਨੇ ਕਰਕੇ ਵੀ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਵਾਸੀ ਪੰਜਾਬੀਆਂ ਦੀਆਂ ਸਮਸਿਆਵਾਂ ਨੂੰ ਬਾਖੂਬੀ ਜਾਣਦੇ ਹਨ ਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਰਹਿੰਦੇ ਹਨ। ਕੁਲਤਾਰ ਸਿੰਘ ਸੰਧਵਾਂ ਨੇ ਦ੍ਰਿਸ਼ਟੀ ਪੰਜਾਬ ਦੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੰਸਥਾ ਵੱਲੋਂ ਆਪਣੇ ਪੰਜਾਬ ਲਈ ਕੀਤੇ ਜਾ ਰਹੇ ਕੰਮ ਇੱਕ ਮਿਸਾਲ ਹਨ ਕਿ ਪੰਜਾਬੀ ਦੁਨੀਆਂ ਦੇ ਕਿਸੇ ਵੀ ਖਿਤੇ ਵਿੱਚ ਬੈਠੇ ਹੋਣ ਉਹ ਆਪਣੀ ਮਿੱਟੀ ਦਾ ਮੋਹ ਨਹੀਂ ਛੱਡਦੇ। ਕੁਲਤਾਰ ਸਿੰਘ ਸੰਧਵਾਂ ਨੇ ਪਰਵਾਸੀ ਪੰਜਾਬੀਆਂ ਨੂੰ ਪੰਜਾਬ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਸਿੱਖਿਆ, ਵਾਤਾਵਰਣ ਤੇ ਹੋਰ ਸਮਾਜ ਸੇਵਾ ਦੇ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸੰਭਵ ਮੱਦਦ ਕਰਨ ਲਈ ਤੱਤਪਰ ਹੈ।
ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਮਨਜੀਤ ਸਿੰਘ ਸਿੱਧੂ ਨੇ ਦ੍ਰਿਸ਼ਟੀ ਪੰਜਾਬ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦ੍ਰਿਸ਼ਟੀ ਪੰਜਾਬ ਸਮੇਤ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਮੁਨੀਸ਼ ਸ਼ਰਮਾ ਨੇ ਕਿਹਾ ਕਿ ਦ੍ਰਿਸ਼ਟੀ ਪੰਜਾਬ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਉਨ੍ਹਾਂ ਹੁਨਰਮੰਦ ਬੱਚਿਆਂ ਦੀ ਮੱਦਦ ਕਰਨ ਲਈ ਅੱਗੇ ਆਈ, ਜਿਨ੍ਹਾਂ ਕੋਲ ਸਾਧਨਾਂ ਦੀ ਕਮੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦ੍ਰਿਸ਼ਟੀ ਪੰਜਾਬ ਦੀ ਟੀਮ ਬਹੁਤ ਹੀ ਲਗਨ ਨਾਲ ਕੰਮ ਕਰ ਰਹੀ ਹੈ।ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਵੱਡੇ ਮੁਕਾਮ ਹਾਸਲ ਕਰਕੇ ਸਮਾਜ ਦੇ ਹਾਸ਼ੀਏ ‘ਤੇ ਧੱਕੇ ਲੋਕਾਂ ਦੀ ਮੱਦਦ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਭਾਜਪਾ ਆਗੂ ਵਨੀਤ ਜੋਸ਼ੀ, ਦ੍ਰਿਸ਼ਟੀ ਪੰਜਾਬ ਦੇ ਸੂਬਾਈ ਪ੍ਰਧਾਨ ਗੁਰਵਿੰਦਰ ਸਿੰਘ ਬੋਪਾਰਾਏ, ਸੀਨੀਅਰ ਮੈਂਬਰ ਖੁਸ਼ਹਾਲ ਲਾਲੀ, ਜਨਰਲ ਸਕੱਤਰ ਪਾਲ ਸਿੰਘ ਨੌਲੀ, ਰਾਕੇਸ਼ ਸ਼ਰਮਾ, ਦੀਪਕ ਸ਼ਰਮਾ ਚਨਾਰਥਲ, ਕੰਵਲਜੀਤ ਸਿੰਘ ਢੀਡਸਾ, ਅਜੈ ਸ਼ਰਮਾ, ਪ੍ਰਮੋਦ ਬਿੰਦਲ, ਹਰਮੇਲ ਸਿੰਘ ਖੱਖ, ਡਾ: ਸ਼ਵਿੰਦਰ ਸਿੰਘ ਸਮੇਤ ਹੋਰ ਬਹੁਤ ਸਾਰੀਆਂ ਸਖਸ਼ੀਅਤਾਂ ਹਾਜ਼ਰ ਸਨ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …