ਪ੍ਰਸ਼ਾਸਨਿਕ ਤਿਆਰੀਆਂ ਦਾ ਵੀ ਲਿਆ ਜਾਇਜ਼ਾ
ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਹੋਲੇ ਮਹੱਲੇ ਮੌਕੇ ਉਨ੍ਹਾਂ ਵਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਪੰਜਾਬ ਦੀ ਚੜ੍ਹਦੀਕਲਾ ਦੇ ਨਾਲ-ਨਾਲ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਸ਼ਾਸਨਿਕ ਤਿਆਰੀਆਂ ਦਾ ਜਾਇਜ਼ਾ ਵੀ ਲਿਆ। ਧਿਆਨ ਰਹੇ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਲੇ ਮਹੱਲੇ ਸਬੰਧੀ ਤਿਆਰੀਆਂ ਨੂੰ ਲੈ ਕੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਸੀ। ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਸਾਰੇ ਕੰਮਕਾਜ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ਪੰਜਾਬ ਸਰਕਾਰ ਅਜਿਹੇ ਪ੍ਰਬੰਧ ਕਰੇਗੀ ਕਿ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਦੱਸਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅੱਜ 6 ਮਾਰਚ ਤੋਂ ਸ਼ੁਰੂ ਹੋ ਗਿਆ ਹੈ। ਹੋਲੇ ਮਹੱਲੇ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।