Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਦਰੋਪਦੀ ਮੁਰਮੂ

ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਦੁਰਗਿਆਣਾ ਮੰਦਰ ‘ਚ ਵੀ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰਨ ਉਪਰੰਤ ਉਹ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਪਹੁੰਚੇ ਜਿੱਥੇ ਉਨ੍ਹਾਂ ਸੰਗਤਾਂ ਦੇ ਨਾਲ ਬੈਠ ਕੇ ਲੰਗਰ ਵੀ ਛਕਿਆ।
ਇਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਰਾਸ਼ਟਰਪਤੀ ਮੁਰਮੂ ਦਾ ਸਨਮਾਨ ਵੀ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਮਸਲਿਆਂ ਨਾਲ ਸਬੰਧਤ ਮੰਗ ਪੱਤਰ ਵੀ ਉਨ੍ਹਾਂ ਨੂੰ ਸੌਂਪਿਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਤੋਂ ਬਾਅਦ ਰਾਸ਼ਟਰਪਤੀ ਦਰੋਪਦੀ ਮੁਰਮੂ ਜਲ੍ਹਿਆਂਵਾਲਾ ਬਾਗ ਪਹੁੰਚੇ ਜਿੱਥੇ ਉਨ੍ਹਾਂ ਸ਼ਹੀਦੀ ਲਾਟ ‘ਤੇ ਫੁਲ ਅਰਪਿਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਥੇ ਉਨ੍ਹਾਂ ਵਿਜ਼ੀਟਰ ਬੁੱਕ ‘ਚ ਆਪਣਾ ਸੰਦੇਸ਼ ਵੀ ਲਿਖਿਆ। ਆਖਰ ‘ਚ ਰਾਸ਼ਟਰਪਤੀ ਮੁਰਮੂ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਏ ਅਤੇ ਇਥੇ ਵੀ ਮੰਦਿਰ ਕਮੇਟੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਦਰੋਪਦੀ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ।
ਐਸਜੀਪੀਸੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਮੰਗ ਪੱਤਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਪੱਤਰ ਵੀ ਸੌਂਪੇ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਪਹਿਲਾ ਮੰਗ ਪੱਤਰ ਬੰਦੀ ਸਿੱਖਾਂ ਦੀ ਰਿਹਾਈ ਅਤੇ ਦੂਜਾ ਮੰਗ ਪੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿੱਤੀ ਗਈ ਮਾਨਤਾ ਨੂੰ ਲੈ ਕੇ ਦਿੱਤਾ ਗਿਆ।

 

Check Also

ਕੇਜਰੀਵਾਲ ਗ੍ਰਿਫ਼ਤਾਰ

ਈਡੀ ਨੇ ਦੋ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਦਿੱਲੀ ਸ਼ਰਾਬ ਘੋਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ …