ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ‘ਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ‘ਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ। ਮੁੱਖ ਮੰਤਰੀ ਨੇ ਪਰਮਜੀਤ ਨੂੰ ਬਠਿੰਡਾ ਵਿੱਚ ਕੋਚ ਵਜੋਂ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਪਰਮਜੀਤ ਨੇ ਪਿਛਲੇ ਸਮੇਂ ਵਿੱਚ ਕੌਮੀ ਪੱਧਰ ਦੇ ਕਈ ਮੁਕਾਬਲਿਆਂ ‘ਚ ਸੂਬੇ ਦੀ ਨੁਮਾਇੰਦਗੀ ਕੀਤੀ ਹੈ, ਪਰ ਜ਼ਖ਼ਮੀ ਹੋਣ ਕਾਰਨ ਉਸ ਨੂੰ ਮੈਦਾਨ ਛੱਡਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਇਕ ਹੋਣਹਾਰ ਹਾਕੀ ਖਿਡਾਰੀ ਨੂੰ ਅਨਾਜ ਮੰਡੀ ਵਿੱਚ ਪੱਲੇਦਾਰੀ ਕਰਨੀ ਪਈ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਪਰਮਜੀਤ ਆਪਣੇ ਹੁਨਰ ਸਦਕਾ ਕਈ ਹੋਰ ਖਿਡਾਰੀ ਤਿਆਰ ਕਰੇਗਾ, ਜੋ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ‘ਚ ਦੇਸ਼ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਪਰਮਜੀਤ ਸਮੇਂ ਸਿਰ ਹੋਰ ਸਿੱਖਿਆ ਹਾਸਲ ਕਰ ਲੈਂਦਾ ਹੈ ਤਾਂ ਉਸ ਨੂੰ ਨਿਯਮਾਂ ਅਨੁਸਾਰ ਤਰੱਕੀਆਂ ਵੀ ਮਿਲਣਗੀਆਂ। ਮਾਨ ਨੇ ਕਿਹਾ ਕਿ ਇਸ ਖਿਡਾਰੀ ਵੱਲੋਂ ਸੂਬੇ ਲਈ ਪਾਏ ਗਏ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ। ਇਸ ਮੌਕੇ ਨਿਯੁਕਤੀ ਪੱਤਰ ਹਾਸਲ ਕਰਨ ਮਗਰੋਂ ਪਰਮਜੀਤ ਕੁਮਾਰ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਆਪਣੀ ਪੂਰੀ ਇਮਾਨਦਾਰੀ ਨਾਲ ਕੰਮ ਕਰੇਗਾ।