ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਇਹ ਫ਼ੈਸਲਾ ਅੰਮ੍ਰਿਤਸਰ ‘ਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ।
ਇਸ ਤੋਂ ਇਲਾਵਾ ਸਿੱਖ ਸੰਸਥਾ ਵੱਲੋਂ ਹਰ ਸਾਲ 25 ਗੁਰਸਿੱਖ ਬੱਚਿਆਂ ਨੂੰ ਆਈਏਐੱਸ, ਆਈਪੀਐੱਸ ਅਤੇ ਪੀਸੀਐੱਸ ਦੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਹ ਖੁਲਾਸਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ। ਇਸ ਸਬੰਧੀ ਚੰਡੀਗੜ੍ਹ ਦੇ ਇਕ ਇੰਸਟੀਚਿਊਟ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਦਾ ਖਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਇਸ ਵਾਰ 25 ਬੱਚਿਆਂ ਤੋਂ ਇਲਾਵਾ 10 ਹੋਰ ਬੱਚਿਆਂ ਦਾ ਖਰਚਾ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ ਦੇ ਆਗੂ ਭਾਈ ਰਾਮ ਸਿੰਘ ਵੱਲੋਂ ਚੁੱਕਣ ਦੀ ਸਹਿਮਤੀ ਦਿੱਤੀ ਗਈ ਹੈ। ਇਹ ਕੰਮ ਪਹਿਲੀ ਅਪਰੈਲ ਤੋਂ ਸ਼ੁਰੂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਬਜਟ ਇਜਲਾਸ ਵਿਚ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਟਰੱਸਟ, ਜਨਰਲ ਬੋਰਡ ਫੰਡ, ਗੁਰਦੁਆਰਿਆਂ, ਪ੍ਰੈੱਸਾਂ ਅਤੇ ਵਿਦਿਅਕ ਅਦਾਰਿਆਂ ਆਦਿ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਵਾਰ ਦੇ ਬਜਟ ਵਿਚ ਹਰਿਆਣਾ ਦੇ ਗੁਰਦੁਆਰਿਆਂ ਦਾ ਬਜਟ ਸ਼ਾਮਲ ਨਹੀਂ ਹੋਵੇਗਾ। ਇਹ ਪਹਿਲੀ ਵਾਰ ਹੈ ਕਿ ਹਰਿਆਣਾ ਦੇ ਗੁਰਦੁਆਰਿਆਂ ਦਾ ਖਰਚ ਤੇ ਆਮਦਨ ਬਜਟ ਵਿਚੋਂ ਮਨਫੀ ਹੋਵੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਸਰਕਾਰਾਂ ਵੱਲੋਂ ਸਿੱਖ ਮਸਲਿਆਂ ਵਿਚ ਸਿੱਧੀ ਅਸਿੱਧੀ ਦਖ਼ਲਅੰਦਾਜ਼ੀ ਦਾ ਵੀ ਗੰਭੀਰ ਨੋਟਿਸ ਲਿਆ ਹੈ। ਹਾਲ ਹੀ ਵਿਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਦੇ ਇਤਿਹਾਸ ਨੂੰ ਰੱਦ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਇੱਥੇ ਗੁਰੂ ਸਾਹਿਬ ਤੀਜੀ ਉਦਾਸੀ ਵੇਲੇ ਪਹੁੰਚੇ ਸਨ। ਇਸ ਦਾ ਕੇਸ ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਹਾਈ ਕੋਰਟ ਵਿਚ ਲੜਿਆ ਜਾ ਰਿਹਾ ਹੈ।