-9.7 C
Toronto
Monday, January 5, 2026
spot_img
Homeਪੰਜਾਬਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ

ਮੁੱਖ ਮੰਤਰੀ ਨੇ ਅੰਮ੍ਰਿਤਸਰ ‘ਚ ਤਿਆਰੀਆਂ ਦਾ ਜਾਇਜ਼ਾ ਲਿਆ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੀ-20 ਸੰਮੇਲਨ ਅੰਮ੍ਰਿਤਸਰ ਵਿਚ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋ ਰਿਹਾ ਹੈ।
ਇਸ ਸਬੰਧੀ ਅਫ਼ਵਾਹਾਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਸੰਮੇਲਨ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੂਬੇ ਵਿੱਚ 15, 17 ਅਤੇ 19, 20 ਮਾਰਚ ਨੂੰ ਹੋਣ ਵਾਲੇ ਜੀ-20 ਸੰਮੇਲਨ ਨੂੰ ਪੂਰੀ ਤਰ੍ਹਾਂ ਸਫ਼ਲ ਬਣਾਉਣ ਲਈ ਕੰਮ ਕਰਨ।
ਕੌਮਾਂਤਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਸਮਾਗਮ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਗਲੇ ਹਫ਼ਤੇ ਅੰਮ੍ਰਿਤਸਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੇ ਕਾਰਜਕਾਰੀ ਸੈਸ਼ਨਾਂ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ। ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਇਕ ਚੰਗਾ ਮੌਕਾ ਹੈ ਕਿ ਸੂਬੇ ਵਿੱਚ ਅਜਿਹਾ ਵੱਡਾ ਸਮਾਗਮ ਕਰਵਾਉਣ ਦਾ ਮੌਕਾ ਮਿਲਿਆ ਹੈ ਪਰ ਅਫ਼ਵਾਹਾਂ ਜ਼ਰੀਏ ਪੰਜਾਬ ਨੂੰ ਬਦਨਾਮ ਕਰਨ ਵਾਲੇ ਕਦੇ ਕਾਮਯਾਬ ਨਹੀਂ ਹੋਣਗੇ। ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੇ ਆਰਾਮਦਾਇਕ ਠਹਿਰਾਅ ਲਈ ਪੁਖ਼ਤਾ ਪ੍ਰਬੰਧ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਪਕਵਾਨ ਪਰੋਸੇ ਜਾਣਗੇ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ।

 

RELATED ARTICLES
POPULAR POSTS