Breaking News
Home / ਪੰਜਾਬ / ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ

ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੰਦਿਆਂ ਅਦਾਲਤ ਨੇ ਦਿੱਤੀ ਜ਼ਮਾਨਤ
ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਗਿਆ ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜੀ ਨੂੰ ਮਨਜ਼ੂਰ ਕਰ ਲਿਆ। ਇਸ ਤੋਂ ਇਲਾਵਾ ਸਾਬਕਾ ਐਸ ਐਸ ਪੀ ਸੁਖਮੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਨੂੰ ਵੀ ਕੋਰਟ ਨੇ ਖਾਰਜ ਕਰ ਦਿੱਤਾ। ਧਿਆਨ ਰਹੇ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਚਲਾਨ ਪੇਸ਼ ਕੀਤੇ ਜਾਣ ਮਗਰੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸਾਬਕਾ ਐਸ ਐਸ ਪੀ ਸੁਖਮੰਦਰ ਸਿੰਘ ਵੱਲੋਂ ਅਗਾਊਂ ਜ਼ਮਾਨਤ ਲਈ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਅਰਜ਼ੀ ਦਾਖਲ ਕੀਤੀ ਗਈ। ਜਿਸ ’ਤੇ ਅਦਾਲਤ ਵੱਲੋਂ ਲੰਘੇ ਦਿਨੀਂ ਬਹਿਸ ਕਰਵਾਈ ਗਈ ਸੀ ਅਤੇ ਬਹਿਸ ਮੁਕੰਮਲ ਹੋਣ ਮਗਰੋਂ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ’ਤੇ ਵਧੀਕ ਅਤੇ ਜ਼ਿਲ੍ਹਾ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵੱਲੋਂ ਅੱਜ ਇਹ ਫੈਸਲਾ ਸੁਣਾਇਆ ਗਿਆ। ਜ਼ਿਕਰਯੋਗ ਹੈ ਕਿ ਲੰਘੀ 24 ਫਰਵਰੀ ਨੂੰ ਐਲ ਕੇ ਯਾਦਵ ਦੀ ਅਗਵਾਈ ਵਾਲੀ ਸਿੱਟ ਨੇ ਫਰੀਦਕੋਟ ਦੀ ਅਦਾਲਤ ਵਿਚ ਚਲਾਨ ਪੇਸ਼ ਕੀਤਾ, ਜਿਸ ’ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਇਸ ਚਲਾਨ ਵਿਚ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਮੁੱਖ ਸਾਜਿਸ਼ਕਰਤਾ ਦੱਸਿਆ ਗਿਆ ਸੀ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …