Breaking News
Home / ਭਾਰਤ / ਪੰਜਾਬ ਦੇ ਕਿਸਾਨਾਂ ਵਲੋਂ ਜੰਤਰ-ਮੰਤਰ ‘ਤੇ ਰੋਸ ਮੁਜ਼ਾਹਰਾ

ਪੰਜਾਬ ਦੇ ਕਿਸਾਨਾਂ ਵਲੋਂ ਜੰਤਰ-ਮੰਤਰ ‘ਤੇ ਰੋਸ ਮੁਜ਼ਾਹਰਾ

ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਵਾਪਸ ਲੈਣ ਦੀ ਕੀਤੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪਾਣੀਆਂ ਸੰਬੰਧੀ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਦਾ ਵਿਰੋਧ ਕਰਨ ਤੋਂ ਇਲਾਵਾ ਐਮ.ਐਸ.ਪੀ. ਗਰੰਟੀ ਕਾਨੂੰਨ, ਫ਼ਸਲਾਂ ਦੀ ਸਰਕਾਰੀ ਖ਼ਰੀਦ ਯਕੀਨੀ ਬਣਾਉਣ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਕਿਸਾਨਾਂ ਖ਼ਿਲਾਫ਼ ਦਰਜ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ।
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਦਿੱਲੀ ਪੁੱਜੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਤੋਂ ਪਹਿਲਾਂ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਰੋਸ ਮਾਰਚ ਵੀ ਕੀਤਾ।
ਜੰਤਰ-ਮੰਤਰ ਵਿਖੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਬੋਘ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ ਤੇ ਹਰਿੰਦਰ ਸਿੰਘ ਟਾਂਡਾ ਸਮੇਤ ਹੋਰਨਾ ਆਗੂਆਂ ਨੇ ਸਰਕਾਰ ‘ਤੇ ਤਿੱਖੇ ਹਮਲੇ ਕੀਤੇ।
ਉਨ੍ਹਾਂ ਕਿਹਾ ਕਿ ਪੰਜਾਬ ਤੇ ਕਿਸਾਨਾਂ ਨਾਲ ਪਾਣੀ ਦੇ ਵਿਵਾਦਾਂ ਪ੍ਰਤੀ ਗਲਤ ਫ਼ੈਸਲੇ ਦੇ ਕੇ ਪੰਜਾਬ ਅਤੇ ਕਿਸਾਨਾਂ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਕੇਂਦਰ ਦੀ ਬੇਲੋੜੀ ਦਖ਼ਲਅੰਦਾਜ਼ੀ ਨੇ ਇਸ ਤੋਂ ਸਿਆਸੀ ਲਾਹਾ ਲੈਣ ਲਈ ਮੁੱਦੇ ਨੂੰ ਉਲਝਾ ਦਿੱਤਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਹੱਕ ਬਣਾਉਣ, ਫਸਲਾਂ ਦੀ ਕੀਮਤ ਸਵਾਮੀਨਾਥਨ ਰਿਪੋਰਟ ਮੁਤਾਬਿਕ ਮਿੱਥਣ ਤੇ ਸਾਰੀਆਂ ਖੇਤੀ ਫਸਲਾਂ ਸਮੇਤ ਸਬਜ਼ੀਆਂ ਤੇ ਫਲਾਂ ਦੀ ਯਕੀਨੀ ਸਰਕਾਰੀ ਖ਼ਰੀਦ ਕੀਤੀ ਜਾਵੇ।
ਸੇਫਟੀ ਡੈਮ ਕਾਨੂੰਨ ਨੂੰ ਰੱਦ ਕਰਨ ਤੇ ਚੰਡੀਗੜ੍ਹ ਸਮੇਤ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰਨ ਦੀ ਮੰਗ ਵੀ ਕੀਤੀ ਗਈ। ਕਿਸਾਨਾਂ ਤੇ ਮਜ਼ਦੂਰਾਂ ਦੀ ਕਰਜ਼ਾ ਮੁਆਫੀ, ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਵਾਪਸ ਲੈਣ ਦੀ ਵੀ ਮੰਗ ਉਠਾਈ ਗਈ।

 

Check Also

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ …