Breaking News
Home / ਭਾਰਤ / ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦਾ ਮਾਮਲਾ

ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦਾ ਮਾਮਲਾ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਦੀ ਰਿਪੋਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ 2022 ਦੇ ਪੰਜਾਬ ਦੇ ਦੌਰੇ ਦੌਰਾਨ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ‘ਚ ਹੋ ਰਹੀ ਦੇਰੀ ਤੋਂ ਨਾਰਾਜ਼ ਕੇਂਦਰ ਨੇ ਰਾਜ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੇ ਇਸ ਮਾਮਲੇ ‘ਚ ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨਾਲ ਗੱਲਬਾਤ ਕੀਤੀ।
ਜਾਣਕਾਰੀ ਮੁਤਾਬਿਕ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ਼ ਇਸ ਮਹੀਨੇ ਚਾਰਜਸ਼ੀਟ ਹੋ ਸਕਦੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਵਲੋਂ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਦੀ ਅਗਵਾਈ ਸੇਵਾਮੁਕਤ ਜਸਟਿਸ ਇੰਦੂ ਮਲਹੋਤਰਾ ਨੇ ਕੀਤੀ ਸੀ। ਪੜਤਾਲੀਆ ਕਮੇਟੀ ਵਲੋਂ 6 ਮਹੀਨੇ ਪਹਿਲਾਂ ਪੇਸ਼ ਕੀਤੀ ਰਿਪੋਰਟ ‘ਚ ਰਾਜ ਦੇ ਉਸ ਵੇਲੇ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਪੁਲਿਸ ਮੁਖੀ ਐਸ. ਚਟੋਪਾਧਿਆਏ ਅਤੇ ਫਿਰੋਜ਼ਪੁਰ ਦੇ ਐਸ.ਐਸ.ਪੀ. ਅਤੇ ਹੋਰ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਰਿਪੋਰਟ ‘ਚ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਲਾਪਰਵਾਹ ਰਵੱਈਏ ਅਤੇ ਯੋਜਨਾ ਅਤੇ ਤਾਲਮੇਲ ‘ਚ ਭਾਰੀ ਕਮੀ ਦਾ ਵੀ ਜ਼ਿਕਰ ਕੀਤਾ ਗਿਆ ਸੀ। ਇਹ ਘਟਨਾ ਜਿਸ ਵੇਲੇ ਹੋਈ ਸੀ ਉਸ ਵੇਲੇ ਪੰਜਾਬ ‘ਚ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਦੀ ਸਰਕਾਰ ਸੀ। ਇਸ ਹਫ਼ਤੇ ਦੀ ਸ਼ੁਰੂਆਤ ‘ਚ ਭੱਲਾ ਨੇ ਜੰਜੂਆ ਤੋਂ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਸੀ।
ਕੇਂਦਰੀ ਗ੍ਰਹਿ ਸਕੱਤਰ ਨੇ ਆਰੋਪੀ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ‘ਚ ਦੇਰੀ ਦਾ ਵੀ ਜ਼ਿਕਰ ਕੀਤਾ ਸੀ। ਜ਼ਿਕਰਯੋਗ ਹੈ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਪੰਜਾਬ ਦੌਰੇ ‘ਤੇ ਗਏ ਸਨ। ਉਸ ਵੇਲੇ ਬਠਿੰਡਾ ਹਵਾਈ ਅੱਡੇ ਤੋਂ ਹੁਸੈਨੀਵਾਲਾ ਜਾਣ ਲਈ ਸੜਕੀ ਰਸਤੇ ਰਾਹੀਂ ਸਫ਼ਰ ਕਰ ਰਹੇ ਸਨ ਜਦੋਂ ਉਨ੍ਹਾਂ ਦਾ ਕਾਫ਼ਲਾ ਇਕ ਫਲਾਈਓਵਰ ‘ਤੇ ਅੱਧੇ ਘੰਟੇ ਤੱਕ ਫਸਿਆ ਰਿਹਾ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਦੱਸ ਦਿੱਤਾ ਗਿਆ ਸੀ ਤਾਂ ਫਿਰ ਸੂਬਾ ਸਰਕਾਰ ਨੂੰ ਨੇਮਾਂ ਮੁਤਾਬਿਕ ਸੁਰੱਖਿਆ ਦੇ ਨਾਲ ਨਾਲ ਐਮਰਜੈਂਸੀ ਯੋਜਨਾ ਤਿਆਰ ਰੱਖਣੀ ਚਾਹੀਦੀ ਸੀ ਪਰ ਅਜਿਹਾ ਨਾ ਹੋਣ ‘ਤੇ ਅਤੇ ਸੁਰੱਖਿਆ ਕੁਤਾਹੀ ਕਾਰਨ ਕਾਫ਼ਲੇ ਨੇ ਬਠਿੰਡਾ ਹਵਾਈ ਅੱਡੇ ਤੋਂ ਵਾਪਸ ਪਰਤਣ ਦਾ ਫ਼ੈਸਲਾ ਕੀਤਾ ਸੀ।

Check Also

ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ …