ਸਿੱਖ ਧਰਨਾਕਾਰੀਆਂ ਖਿਲਾਫ ਦਰਜ ਮੁਕੱਦਮੇ ਸਾਜਿਸ਼ ਕਰਾਰ
ਫਰੀਦਕੋਟ/ਬਿਊਰੋ ਨਿਊਜ਼ :ਕੋਟਕਪੂਰਾ ਗੋਲੀ ਕਾਂਡ ਮਾਮਲੇ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖਿਲਾਫ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖਿਲਾਫ ਝੂਠੇ ਗਵਾਹ, ਸਬੂਤ ਅਤੇ ਕੇਸ ਬਣਾਉਣ ਦੇ ਆਰੋਪ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।
ਜਾਂਚ ਟੀਮ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਖਿਲਾਫ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਵੱਖਰਾ ਚਲਾਨ ਪੇਸ਼ ਕਰ ਦਿੱਤਾ ਹੈ। ਇਸ ਚਲਾਨ ਦੇ ਆਧਾਰ ‘ਤੇ ਅਦਾਲਤ ਨੇ ਇਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਭੇਜ ਕੇ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਕੋਟਕਪੂਰਾ ਪੁਲਿਸ ਨੇ ਧਰਨੇ ‘ਤੇ ਬੈਠੀ ਸਿੱਖ ਸੰਗਤ ਖਿਲਾਫ ਪੁਲਿਸ ‘ਤੇ ਕਾਤਲਾਨਾ ਹਮਲਾ ਕਰਨ ਦੇ ਆਰੋਪਾਂ ਹੇਠ ਕੇਸ ਦਰਜ ਕੀਤਾ ਸੀ ਅਤੇ ਧਰਨਾਕਾਰੀਆਂ ਖਿਲਾਫ ਕਥਿਤ ਤੌਰ ‘ਤੇ ਸਬੂਤ ਤੇ ਕੁਝ ਗਵਾਹ ਵੀ ਇਕੱਠੇ ਕੀਤੇ ਸਨ। ਜਾਂਚ ਟੀਮ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੰਦਿਆਂ ਕਿਸੇ ਵੀ ਧਰਨਾਕਾਰੀ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਨਹੀਂ ਕੀਤਾ, ਸਗੋਂ ਝੂਠੇ ਕੇਸ ਦੀ ਕਥਿਤ ਸਾਜਿਸ਼ ਰਚਣ ਵਾਲਿਆਂ ਨੂੰ ਮੁਲਜ਼ਮ ਨਾਮਜ਼ਦ ਕਰਕੇ ਉਨ੍ਹਾਂ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …