ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਜ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ
ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ, ਜਦੋਂਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਨੂੰ ਦੇਖਦਿਆਂ ਚੱਲਦੇ ਮੁਕੱਦਮੇ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਨੇ 24 ਫਰਵਰੀ ਨੂੰ ਇਨ੍ਹਾਂ ਸਾਰੇ ਵਿਅਕਤੀਆਂ ਖਿਲਾਫ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ, ਜਿਸ ਵਿੱਚ ਸਾਬਕਾ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਪੁਲਿਸ ਅਧਿਕਾਰੀਆਂ ਉੱਪਰ ਸਾਜਿਸ਼ ਤਹਿਤ ਸਿੱਖ ਸੰਗਤਾਂ ‘ਤੇ ਲਾਠੀਚਾਰਜ ਕਰਨ ਦੇ ਇਲਜ਼ਾਮ ਲੱਗੇ ਸਨ।
ਹੁਣ ਸੁਖਬੀਰ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ, ਪਰ ਗ੍ਰਿਫਤਾਰੀ ਤੋਂ ਬਚਣ ਲਈ ਉਨ੍ਹਾਂ ਕੋਲ ਫਿਲਹਾਲ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਬਦਲ ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਦੀ ਅਦਾਲਤ ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਦਾਖਲ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸਣੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਪੰਜ ਪੁਲਿਸ ਅਧਿਕਾਰੀਆਂ ਨੂੰ ਆਪਣਾ ਪੱਖ ਰੱਖਣ ਲਈ 23 ਮਾਰਚ ਨੂੰ ਅਦਾਲਤ ਵਿਚ ਪੇਸ਼ ਹੋਣ ਦੇ ਲਈ ਤਲਬ ਕੀਤਾ ਗਿਆ ਹੈ। ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲ.ਕੇ. ਯਾਦਵ ਅਤੇ ਐਸਐਸਪੀ ਬਠਿੰਡਾ ਜੀਐਸ ਖੁਰਾਣਾ ਦੀ ਅਗਵਾਈ ਵਾਲੀ ਟੀਮ ਵਲੋਂ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਚਾਰਜਸ਼ੀਟ ਦੇ ਅਨੁਸਾਰ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਵਿਚ ਤੱਤਕਾਲੀਨ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਡਿਪਟੀ ਸੀਐਮ ਪੰਜਾਬ ਸੁਖਬੀਰ ਸਿੰਘ ਬਾਦਲ ਮੁੱਖ ਸਾਜਿਸ਼ਕਰਤਾ ਦੱਸੇ ਗਏ ਹਨ। ਜਦਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ‘ਤੇ ਸਾਜਿਸ਼ ਨੂੰ ਅੰਜਾਮ ਦੇਣ ਵਿਚ ਮੱਦਦ ਕਰਨ ਦਾ ਆਰੋਪ ਹੈ। ਧਿਆਨ ਰਹੇ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਪਿੰਡ ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਸੀ। 14 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ‘ਤੇ ਪੁਲਿਸ ਵਲੋਂ ਕੀਤੀ ਗਈ ਫਾਇਰਿੰਗ ਦੌਰਾਨ ਦੋ ਸਿੱਖ ਨੌਜਵਾਨਾਂ ਦੀ ਜਾਨ ਚਲੇ ਗਈ ਸੀ।