ਯੂਨੀਵਰਸਿਟੀ ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦਾ ਮਾਮਲਾ ਗਰਮਾਇਆ
ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਧਰਨਾ ਲਗਾ ਦਿੱਤਾ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ‘ਤੇ ਬੈਠ ਗਏ ਸਨ ਅਤੇ ਕੈਂਪਸ ਦਾ ਸਾਰਾ ਕੰਮਕਾਜ ਠੱਪ ਹੋ ਗਿਆ ਸੀ। ਇਹ ਵਿਰੋਧ ਭਗਵੰਤ ਮਾਨ ਸਰਕਾਰ ਵੱਲੋਂ ਆਉਣ ਵਾਲੇ ਵਿੱਤੀ ਸਾਲ ਦੇ ਆਪਣੇ ਬਜਟ ਵਿੱਚ ਯੂਨੀਵਰਸਿਟੀ ਲਈ ਆਪਣੀਆਂ ਮੰਗਾਂ ਅਨੁਸਾਰ ਫੰਡ ਅਲਾਟ ਨਾ ਕਰਨ ਦੇ ਵਿਰੋਧ ਵਿੱਚ ਕੀਤਾ ਗਿਆ ਹੈ। ਵਿਦਿਆਰਥੀਆਂ ਨੇ ਸਵੇਰੇ 11 ਵਜੇ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰ ਦਿੱਤੇ ਸਨ। ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨਾਲ ਜੁੜ ਕੇ ਉਨ੍ਹਾਂ ਨੇ ਫੰਡਾਂ ਦੀ ਕਮੀ ਦੀ ਮਾਰ ਝੱਲ ਰਹੀ ਯੂਨੀਵਰਸਿਟੀ ਲਈ ਗਰਾਂਟਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਅਣਮਿੱਥੇ ਸਮੇਂ ਲਈ ਧਰਨਾ ਦੇਣਗੇ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਹੀ ਕਰਜ਼ੇ ਹੇਠ ਚੱਲ ਰਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਬਣਦਾ ਹੱਕ ਦਿਵਾਉਣ ਲਈ ਧਰਨਾ ਲਗਾਉਣਾ ਪਿਆ ਹੈ।