ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ; ਦਰਜਨਾਂ ਆਗੂ ਹਿਰਾਸਤ ‘ਚ ਲਏ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂਆਂ ਦੀ ਅਗਵਾਈ ਹੇਠ ਸੋਮਵਾਰ ਨੂੰ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਇਸ ਮੌਕੇ ਪ੍ਰਦਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਵੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਝੜਪ ਦੌਰਾਨ ਪੁਲਿਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਆਪਣੇ ਨੇੜਲਿਆਂ ਨੂੰ ਲਾਭ ਪਹੁੰਚਾਉਣ ਲਈ ਲੋਕ ਵਿਰੋਧੀ ਫ਼ੈਸਲੇ ਲੈਣ ਦਾ ਆਰੋਪ ਲਾਇਆ। ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਦੇਸ਼ ਵਿੱਚ ਮਹਿੰਗਾਈ, ਬੇਰੁਜ਼ਗਾਰੀ ਤੇ ਭ੍ਰਿਸ਼ਟਾਚਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਕੇਂਦਰ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਥਾਂ ਆਪਣੇ ਪੂੰਜੀਪਤੀ ਦੋਸਤਾਂ ਨੂੰ ਲਾਭ ਪਹੁੰਚਾਉਣ ਵਿੱਚ ਲੱਗੀ ਹੋਈ ਹੈ।
ਉਨ੍ਹਾਂ ਕਿਹਾ ਕਿ ਹਿੰਡਨਬਰਗ ਦੀ ਰਿਪੋਰਟ ਨੇ ਅਡਾਨੀ ਗਰੁੱਪ ਦਾ ਸੱਚ ਸਭ ਦੇ ਸਾਹਮਣੇ ਲਿਆ ਦਿੱਤਾ ਹੈ, ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਹੈ। ਦੂਜੇ ਪਾਸੇ ਅਡਾਨੀ ਗਰੁੱਪ ਨੂੰ ਪਏ ਹਜ਼ਾਰਾਂ ਕਰੋੜ ਰੁਪਏ ਦੇ ਘਾਟੇ ਕਾਰਨ ਭਾਰਤੀ ਜੀਵਨ ਬੀਮਾ ਨਿਗਮ ਸਣੇ ਹੋਰਨਾਂ ਕਈ ਸਰਕਾਰੀ ਅਦਾਰਿਆਂ ਨੂੰ ਵੱਡਾ ਝਟਕਾ ਲੱਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਤੇ ਗੁਰਕੀਰਤ ਕੋਟਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਲੋਕਾਂ ਦੀ ਜੇਬ ‘ਤੇ ਬੋਝ ਪਾਇਆ ਗਿਆ ਤੇ ਹੁਣ ਰਸੋਈ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤੇ 50 ਰੁਪਏ ਦੇ ਵਾਧੇ ਨੇ ਆਮ ਲੋਕਾਂ ਦਾ ਗੁਜ਼ਾਰਾ ਕਰਨਾ ਵੀ ਔਖਾ ਕਰ ਦਿੱਤਾ ਹੈ।
ਪੰਜਾਬ ਵਿਧਾਨ ਸਭਾ ਦਾ ਘਿਰਾਓ 22 ਨੂੰ
ਰਾਜਾ ਵੜਿੰਗ ਨੇ ‘ਆਪ’ ਸਰਕਾਰ ਵੱਲੋਂ ਮਹਿਲਾਵਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਵਿਰੋਧ ਵਿੱਚ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 22 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਸੂਬਾ ਸਰਕਾਰ ‘ਤੇ ਮਹਿਲਾਵਾਂ ਲਈ ਇਕ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਲਾਗੂ ਕਰਨ ਸਬੰਧੀ ਦਬਾਅ ਬਣਾਇਆ ਜਾਵੇਗਾ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …