Home / ਪੰਜਾਬ / ਕੌਮੀ ਪਾਰਟੀਆਂ ਦੀ ਥਾਂ ਖੇਤਰੀ ਦਲਾਂ ਨੂੰ ਸਹਿਯੋਗ ਕਰਨ ਲੋਕ : ਸੁਖਬੀਰ

ਕੌਮੀ ਪਾਰਟੀਆਂ ਦੀ ਥਾਂ ਖੇਤਰੀ ਦਲਾਂ ਨੂੰ ਸਹਿਯੋਗ ਕਰਨ ਲੋਕ : ਸੁਖਬੀਰ

ਸਨਅਤਕਾਰਾਂ, ਵਪਾਰੀਆਂ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ
ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੌਮੀ ਪਾਰਟੀਆਂ ਦਾ ਖਹਿੜਾ ਛੱਡ ਕੇ ਖੇਤਰੀ ਪਾਰਟੀਆਂ ਨੂੰ ਸਹਿਯੋਗ ਦੇਣ ਕਿਉਂਕਿ ਖੇਤਰੀ ਪਾਰਟੀਆਂ ਹੀ ਸੂਬੇ ਦੇ ਹਿਤਾਂ ਦੀ ਰਾਖੀ ਕਰ ਸਕਦੀਆਂ ਹਨ।
ਉਹ ਇੱਥੇ ਅਕਾਲੀ ਆਗੂਆਂ, ਵਰਕਰਾਂ, ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ।
ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਦਾ ਉਦੇਸ਼ ਸੂਬਿਆਂ ਦੇ ਹਿਤਾਂ ਦੀ ਰਾਖੀ ਕਰਨਾ ਨਹੀਂ, ਸਗੋਂ ਸਿਰਫ਼ ਕੇਂਦਰ ਵਿੱਚ ਸਰਕਾਰ ਸਥਾਪਤ ਕਰਨਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਸੂਬੇ ਦੇ ਹਿਤਾਂ ਦੀ ਰਾਖੀ ਲਈ ਕੁਰਬਾਨੀਆਂ ਦਿੱਤੀਆਂ ਹਨ ਤੇ ਭਵਿੱਖ ਵਿੱਚ ਵੀ ਇਸ ਲਈ ਕੋਈ ਵੀ ਕੁਰਬਾਨੀ ਕਰਨ ਤੋਂ ਪਿੱਛੇ ਨਹੀਂ ਹੱਟੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ। ਉਨ੍ਹਾਂ ਭਗਵੰਤ ਮਾਨ ਨੂੰ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਸੰਭਾਲਣ ਅਤੇ ਪੰਜਾਬ ਨੂੰ ਤਬਾਹੀ ਤੋਂ ਬਚਾਉਣ। ਬਾਦਲ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਬਣਨ ਦੀ ਥਾਂ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਲਈ ਆਪਣੇ ਬਲਬੂਤੇ ‘ਤੇ ਸਰਕਾਰ ਚਲਾਉਣ।
ਲੋਕ ਸਭਾ ਚੋਣਾਂ ਲਈ ਤਿਆਰੀ ਦਾ ਸੱਦਾ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਆਗੂ ਵਿਪਨ ਸੂਦ ਨੂੰ ਲੁਧਿਆਣਾ ਲੋਕ ਸਭਾ ਹਲਕੇ ਤੋਂ ਤਿਆਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਵਿਪਨ ਸੂਦ ਦਾ ਹਰ ਵਰਗ ਵਿੱਚ ਮਾਣ ਹੈ ਤੇ ਉਹ ਸਮਾਜ ਵਿੱਚ ਚੰਗੀ ਥਾਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਵਿਪਨ ਸੂਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਂਗ ਹਨ, ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਵਿਪਨ ਇਸ ਹਲਕੇ ਤੋਂ ਦੂਜੀਆਂ ਪਾਰਟੀਆਂ ਨੂੰ ਵਧੀਆ ਟੱਕਰ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਪਨ ਸੂਦ ਨੂੰ ਉਮੀਦਵਾਰ ਬਣਾਉਣ ਦਾ ਅੰਤਿਮ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਕਰੇਗੀ।

 

Check Also

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …