ਕਿਹਾ : ਪੰਜਾਬੀਆਂ ਨੂੰ ਤਿੰਨ ਯੂਨਿਟ ਮੁਫ਼ਤ ਬਿਜਲੀ ਦਿੱਤੀ ਅਤੇ ਕੱਚੇ ਕਾਮਿਆਂ ਨੂੰ ਵੀ ਕੀਤਾ ਜਾ ਰਿਹਾ ਹੈ ਪੱਕੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਉਪਰੰਤ ਆਪਣੀਆਂ ਪ੍ਰਾਪਤੀਆਂ ਗਿਣਾਉਣ ਵਿਚ ਲੱਗੀ ਹੋਈ ਹੈ। ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਇਕ ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ। ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਣ ਲਈ ਚੰਡੀਗੜ੍ਹ ’ਚ ਪ੍ਰੈਸ ਕਾਨਫਰੰਸ ਕੀਤੀ ਗਈ। ਵਿੱਤ ਮੰਤਰੀ ਨੇ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬੀਆਂ ਦੇ ਹੱਕ ਵਿਚ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੁਣ 26000 ਤੋਂ ਵੱਧ ਸਰਕਾਰੀਆਂ ਨੌਕਰੀਆਂ ਦੇ ਚੁੱਕੀ ਹੈ। ਇਸ ਤੋਂ ਇਲਾਵਾ ਹਰ ਪੰਜਾਬੀ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਵਿਚ 500 ਤੋਂ ਵੱਧ ਮੁਹੱਲੇ ਕਲੀਨਿਕ ਵੀ ਖੋਲ੍ਹੇ ਜਾ ਚੁੱਕੇ ਹਨ। ਇਸ ਤੋਂ ਪਹਿਲਾਂ ‘ਆਪ’ ਆਗੂ ਹਰਚੰਦ ਸਿੰਘ ਬਰਸਟ ਅਤੇ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਸਮੇਤ ਕਈ ਹੋਰ ਆਗੂਆਂ ਵੱਲੋਂ ਵੀ ਇਕ ਸਾਲ ਦਾ ਲੇਖਾ-ਜੋਖਾ ਦੱਸਿਆ ਜਾ ਚੁੱਕਿਆ ਹੈ। ਜਦਕਿ ਵਿਰੋਧੀਆਂ ਪਾਰਟੀ ਵੱਲੋਂ ਪੰਜਾਬ ਸਰਕਾਰ ਦੀ ਇਕ ਸਾਲ ਦੀ ਕਾਰਗੁਜ਼ਾਰੀ ਨੂੰ ਝੂਠ ਦਾ ਪੁਲੰਦਾ ਦੱਸਿਆ ਜਾ ਰਿਹਾ ਹੈ।