Home / ਪੰਜਾਬ / ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਇਆ ਬਦਲਾਖੋਰੀ ਦਾ ਆਰੋਪ

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਇਆ ਬਦਲਾਖੋਰੀ ਦਾ ਆਰੋਪ

ਭਗਵੰਤ ਮਾਨ ਬੋਲੇ : ਜੇ ਤੁਸੀਂ ਬੇਗੁਨਾਹ ਹੋ ਤਾਂ ਡਰ ਕਿਸ ਗੱਲ ਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਹਮੋ-ਸਾਹਮਣੇ ਆ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਦਾਖਲ ਚਾਰਜਸ਼ੀਟ ਤੋਂ ਬਾਅਦ ਭਗਵੰਤ ਮਾਨ ਸਰਕਾਰ ’ਤੇ ਬਦਲਾਖੋਰੀ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਉਨ੍ਹਾਂ ਦਾ ਰਾਜਨੀਤਿਕ ਕੈਰੀਅਰ ਖਤਮ ਕਰਨਾ ਚਾਹੁੰਦੇ ਹਨ ਅਤੇ ਇਸੇ ਕਾਰਨ ਉਨ੍ਹਾਂ ਖਿਲਾਫ਼ ਝੂਠੇ ਕੇਸ ਬਣਾਏ ਜਾ ਰਹੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹੁਕਮ ਜਾਰੀ ਕੀਤੇ ਸਨ ਕਿ ਸਿਟ ਦਾ ਕੋਈ ਵੀ ਮੈਂਬਰ ਸਰਕਾਰ ਨੂੰ ਜਾਣਕਾਰੀ ਨਹੀਂ ਦੇਵੇਗਾ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਉਹ ਬਾਦਲਾਂ ਨੂੰ ਅੰਦਰ ਕਰਵਾਉਣਗੇ। ਉਨ੍ਹਾਂ ਸਵਾਲ ਖੜ੍ਹਾ ਕੀਤਾ ਕਿ ਭਗਵੰਤ ਮਾਨ ਨੂੰ ਕਿਸ ਤਰ੍ਹਾਂ ਪਤਾ ਲੱਗਿਆ ਕਿ ਸਿੱਟ ਕੀ ਕਰ ਰਹੀ ਹੈ। ਉਧਰ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ਨੂੰ ਜਵਾਬ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਕੁਰਬਾਨੀ ਦੇਣ ਦੀ ਗੱਲ ਕਰਦੇ ਹਨ, ਉਹ ਕੋਰਟ ਜਾਣ ਤੋਂ ਕਿਉਂ ਡਰਦੇ ਹਨ ਅਤੇ ਉਹ ਸਿੱਟ ’ਤੇ ਵੀ ਸਵਾਲ ਖੜ੍ਹੇ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿੱਟ ਦੀ ਜਾਂਚ ’ਚ ਪੰਜਾਬ ਸਰਕਾਰ ਕਿਸੇ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਜੇਕਰ ਸੁਖਬੀਰ ਸਿੰਘ ਬਾਦਲ ਬੇਗੁਨਾਹ ਹਨ ਤਾਂ ਫਿਰ ਉਨ੍ਹਾਂ ਨੂੰ ਡਰ ਕਿਸ ਗੱਲ ਦਾ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਸਿੱਟ ਵੱਲੋਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ ਅਤੇ ਹੋਰਨਾਂ ਖਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨੇ ਗਿ੍ਰਫਤਾਰੀ ਤੋਂ ਬਚਣ ਲਈ ਫਰੀਦਕੋਟ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ ਪ੍ਰੰਤੂ ਅਦਾਲਤ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਤਾਂ ਜ਼ਮਾਨਤ ਦੇ ਦਿੱਤੀ ਜਦਕਿ ਸੁਖਬੀਰ ਬਾਦਲ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ’ਤੇ ਹੁਣ ਗਿ੍ਰਫ਼ਤਾਰੀ ਦੀ ਤਲਵਾਰ ਲਟਕ ਰਹੀ ਹੈ।

 

Check Also

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ …