ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਵੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਇੰਟਰਨੈੱਟ ’ਤੇ ਪਾਬੰਦੀ ਵਧਾਉਂਦੇ ਹੋਏ ਇਸ ਨੂੰ ਕੱਲ੍ਹ 21 ਮਾਰਚ ਮੰਗਲਵਾਰ ਦੁਪਹਿਰ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਐਸ.ਐਮ.ਐਸ. ਸੇਵਾਵਾਂ ਵੀ ਠੱਪ ਰਹਿਣਗੀਆਂ। ਇਹ ਹੁਕਮ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਪੰਜਾਬ ਵਿਚ ਇੰਟਰਨੈਟ ਸੇਵਾਵਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਸਬੰਧੀ ਚੱਲ ਰਹੀਆਂ ਖਬਰਾਂ ਨੂੰ ਲੈ ਕੇ ਬੰਦ ਕੀਤੀਆਂ ਗਈਆਂ ਹਨ। ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕੀਤਾ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੰਘੇ ਸ਼ੁੱਕਰਵਾਰ ਦੁਪਹਿਰ ਤੋਂ ਇੰਟਰਨੈੱਟ ਸੇਵਾ ਬੰਦ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦਾ ਟਵਿੱਟਰ ਅਕਾਊਂਟ ਵੀ ਬੰਦ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸਦੇ ਕਾਰਨ ਦੀ ਪੁਸ਼ਟੀ ਨਹੀਂ ਹੋ ਸਕੀ। ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਹੈ ਕਿ ਸੰਸਦ ਮੈਂਬਰ ਦਾ ਟਵਿੱਟਰ ਅਕਾਊਂਟ ਬੰਦ ਕਰਨਾ ਗੈਰ ਜਮਹੂਰੀਅਤ ਹੈ। ਉਨ੍ਹਾਂ ਕਿਹਾ ਕਿ ਜੇ ਸੰਸਦ ਮੈਂਬਰਾਂ ਦੇ ਹੀ ਟਵਿੱਟਰ ਅਕਾਊਂਟ ਬੰਦ ਕਰ ਦਿੱਤੇ ਜਾਣਗੇ ਤਾਂ ਲੋਕਾਂ ਦੀ ਆਵਾਜ਼ ਕੌਣ ਚੁੱਕੇਗਾ। ਇਸ ਮੁੱਦੇ ਨੂੰ ਸਿਮਰਨਜੀਤ ਸਿੰਘ ਮਾਨ ਲੋਕ ਸਭਾ ਵਿੱਚ ਵੀ ਚੁੱਕਣਗੇ।
Check Also
ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ
ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ …