ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਇੰਡੀਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ਹ ਵਿੱਚ ਦੋ ਰੋਜ਼ਾ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਦੇਸ਼ ਭਰ ’ਚ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸੱਤਾਧਾਰੀ ਧਿਰਾਂ ਤੇ ਕਾਰਪੋਰੇਟ ਘਰਾਣਿਆਂ ਵੱਲੋਂ ਮੀਡੀਆ ’ਤੇ ਕਾਬਜ਼ ਹੋਣ ਦੀਆਂ ਕੋਸ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ‘ਸੇਵ ਜਰਨਲਿਜ਼ਮ’ ਵਿਸ਼ੇ ’ਤੇ ਕਰਵਾਈ ਗਈ ਇਸ ਮੀਟਿੰਗ ਵਿੱਚ ਪੱਤਰਕਾਰੀ ਦੀ ਰਾਖੀ ਕਰਨ ਦਾ ਅਹਿਦ ਵੀ ਲਿਆ ਗਿਆ। ਇਸ ਮੀਟਿੰਗ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਯੂਨੀਅਨ ਦਾ ਸੋਵੀਨਾਰ ਜਾਰੀ ਕੀਤਾ। ਉਨ੍ਹਾਂ ਚੁਣੌਤੀਆਂ ਮੂਹਰੇ ਡਟਣ ਵਾਲੇ ਪੱਤਰਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੁਖਾਵੇਂ ਸਮਾਜ ਦੀ ਸਿਰਜਣਾ ਵਿੱਚ ਪੱਤਰਕਾਰਾਂ ਦੀ ਅਹਿਮ ਭੂਮਿਕਾ ਹੈ। ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਰੈਡੀ ਦੀ ਅਗਵਾਈ ਹੇਠ ਪਹੁੰਚੇ ਪੱਤਰਕਾਰਾਂ ਨੂੰ ਸਪੀਕਰ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰੀ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੀਆਂ ਧਿਰਾਂ ਨਾਲ ਹਮੇਸ਼ਾ ਖੜ੍ਹੇ ਹਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਲੋਕਤੰਤਰ ਦੀ ਬਹਾਲੀ ਲਈ ਮੀਡੀਆ ਦੀ ਆਜ਼ਾਦੀ ਬਹਾਲ ਰੱਖਣਾ ਬਹੁਤ ਜ਼ਰੂਰੀ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਵਰਤਮਾਨ ਸਮੇਂ ’ਚ ਮੀਡੀਆ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਲੋਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਲਈ ਕੋਈ ਆਵਾਜ਼ ਨਹੀਂ ਲਗਾ ਰਿਹਾ। ਸੰਤ ਸੀਚੇਵਾਲ ਨੇ ਭਰੋਸਾ ਦਿਵਾਇਆ ਕਿ ਉਹ ਪੱਤਰਕਾਰਾਂ ਦੀਆਂ ਸਮੱਸਿਆਵਾਂ ਨੂੰ ਰਾਜ ਸਭਾ ਵਿੱਚ ਚੁੱਕਣਗੇ ਅਤੇ ਉਸ ਦੇ ਲੋੜੀਂਦੇ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ।