ਕਿਹਾ : ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪਿਛਲੇ ਦੋ ਦਿਨਾਂ ਦੌਰਾਨ ਪਏ ਭਾਰੀ ਮੀਂਹ, ਗੜੇਮਾਰੀ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਪੱਕ ਕੇ ਤਿਆਰ ਹੋ ਚੁੱਕੀ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੁਕਸਾਨੀ ਗਈ ਫਸਲ ਦੀ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪਿਛਲੇ 3 ਦਿਨਾਂ ’ਚ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ ਕਾਰਨ ਕਿਸਾਨਾਂ ਦੀ ਖੇਤਾਂ ’ਚ ਤਿਆਰ ਖੜ੍ਹੀ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ, ਜਿਸ ਕਰਕੇ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਥੋਂ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਜਾਇਜ਼ੇ ਤੋਂ ਬਾਅਦ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਉਧਰ ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬੇਮੌਸਮੀ ਮੀਂਹ ਕਾਰਨ ਹਾੜ੍ਹੀ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਜਦੋਂ ਹੀ ਸੂਬਾ ਸਰਕਾਰਾਂ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਭੇਜਣਗੀਆਂ ਉਦੋਂ ਹੀ ਕੇਂਦਰ ਸਰਕਾਰ ਰਾਸ਼ਟਰੀ ਆਫ਼ਤ ਰਾਹਤ ਫੰਡ ਤਹਿਤ ਮੁਆਵਜ਼ਾ ਦੇਵੇਗੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …