ਡਾ. ਜੱਗੀ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਕਰ ਰਹੇ ਹਨ ਸੇਵਾ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਰਾਸ਼ਟਰਪਤੀ ਵੱਲੋਂ ਦਿੱਤਾ ਗਿਆ। ਡਾ. ਰਤਨ ਸਿੰਘ ਜੱਗੀ ਨੂੰ ਇਹ ਵੱਕਾਰੀ ਪੁਰਸਕਾਰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ। ਨੱਬੇ ਸਾਲ ਤੋਂ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਗੁਰਮਤਿ ਤੇ ਭਗਤੀ ਲਹਿਰ ਨਾਲ ਸਬੰਧਤ ਸਾਹਿਤ ਵਿੱਚ ਵੀ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਡਾ. ਜੱਗੀ ਹੋਰਾਂ ਨੇ ਆਪਣੀ ਜ਼ਿੰਦਗੀ ਦੇ 70 ਸਾਲ ਤੋਂ ਵੀ ਜ਼ਿਆਦਾ ਦਾ ਸਮਾਂ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਸੇਵਾ ਲਈ ਲਗਾਇਆ ਹੈ।