Breaking News
Home / ਪੰਜਾਬ / ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਦਾਲਤ ’ਚ ਹੋਏ ਪੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਦਾਲਤ ’ਚ ਹੋਏ ਪੇਸ਼

ਸੁਖਬੀਰ ਨੇ ਕਿਹਾ : ਪੰਜਾਬ ਸਰਕਾਰ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ
ਫਰੀਦਕੋਟ/ਬਿਊਰੋ ਨਿਊਜ਼
ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਵੀਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ ਪੰਜ-ਪੰਜ ਲੱਖ ਰੁਪਏ ਦੇ ਜ਼ਮਾਨਤਨਾਮੇ ਭਰੇ ਤੇ ਚਲੇ ਗਏ। ਇਸ ਮੌਕੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਵੀ ਉਨ੍ਹਾਂ ਨਾਲ ਸਨ। ਪੇਸ਼ੀ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਤੋਂ ਬੇਅਦਬੀ ਮਾਮਲੇ ਵਿਚ ਇਨਸਾਫ਼ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ। ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ’ਤੇ ਪਾਇਆ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਪਿਛਲੀ ਸਰਕਾਰ ਨੇ ਵੀ ਅਜਿਹੀਆਂ ਨੀਤੀਆਂ ਅਪਣਾਈਆਂ ਸਨ। ਇਸ ਮੌਕੇ ਬਿਕਰਮ ਮਜੀਠੀਆ ਨੇ ਕਿਹਾ ਕਿ ਭਾਵੇਂ ਸਰਕਾਰ ਝੂਠੇ ਕੇਸ ਦਰਜ ਕਰਦੀ ਹੈ ਪਰ ਸਾਨੂੰ ਅਦਾਲਤਾਂ ਅਤੇ ਪ੍ਰਮਾਤਮਾ ’ਤੇ ਪੂਰਾ ਭਰੋਸਾ ਹੈ ਅਤੇ ਇਨਸਾਫ ਜ਼ਰੂਰ ਮਿਲੇਗਾ। ਧਿਆਨ ਰਹੇ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈਕੋਰਟ ਵਲੋਂ ਅਗਾਊਂ ਜ਼ਮਾਨਤ ਮਿਲ ਗਈ ਸੀ। ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਐਸਆਈਟੀ ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਚਾਰਜਸ਼ੀਟ ਮੁਤਾਬਕ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਆਰੋਪੀ ਬਣਾਇਆ ਗਿਆ ਹੈ।

 

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।