ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੀਆਂ ਕੁੱਝ ਸਿਆਸੀ ਵਿਰੋਧੀ ਧਿਰਾਂ ਨੇ ਸੰਸਦ ਭਵਨ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ ਅਤੇ ਅਡਾਨੀ ਘਪਲੇ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਮੌਕੇ ਨਰਿੰਦਰ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਵਿਰੋਧੀ ਧਿਰਾਂ ਨੇ ਸੰਸਦੀ ਭਵਨ ਦੀ ਪਹਿਲੀ ਮੰਜ਼ਿਲ ਤੋਂ ਇਕ ਬੈਨਰ ਵੀ ਲਟਕਾਇਆ ਜਿਸ ‘ਤੇ ਜੇਪੀਸੀ ਮੰਗ ਦਾ ਸਮਰਥਨ ਕੀਤਾ ਗਿਆ ਸੀ।
ਇਸੇ ਦੌਰਾਨ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਦੇ ਸੰਸਦੀ ਮੈਂਬਰਾਂ ਨੇ ਪਾਰਲੀਮੈਂਟ ਅਦਾਰੇ ਵਿੱਚ ਵੱਖਰਾ ਰੋਸ ਪ੍ਰਦਰਸ਼ਨ ਕੀਤਾ ਤੇ ਮੰਗ ਕੀਤੀ ਕਿ ਅਡਾਨੀ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਖਾਮੋਸ਼ੀ ਤੋੜਨ। ਉਨ੍ਹਾਂ ਨੇ ਸਰਕਾਰ ‘ਤੇ ਆਰੋਪ ਲਾਇਆ ਕਿ ਅਡਾਨੀ ਗਰੁੱਪ ‘ਤੇ ਲੱਗੇ ਧੋਖਾਧੜੀ ਦੇ ਆਰੋਪਾਂ ਦੀ ਜਾਂਚ ਨਾ ਕਰਵਾ ਕੇ ਸਰਕਾਰ ਕਾਰੋਬਾਰੀ ਗੌਤਮ ਅਡਾਨੀ ਦੀ ਮਦਦ ਕਰ ਰਹੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਅਸਤੀਫਾ ਵੀ ਮੰਗਿਆ। ਟੀਐੱਮਸੀ ਦੇ ਰਾਜ ਸਭਾ ਮੈਂਬਰ ਡੈਰੇਕ ਓ’ਬਰਾਇਨ ਨੇ ਕਿਹਾ ਕਿ ਅਡਾਨੀ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਆਰੋਪ ਲਾਇਆ ਕਿ ਇਕ ਲੱਖ ਕਰੋੜ ਰੁਪਏ ਦੇ ਘਪਲੇ ਦੇ ਮਾਮਲੇ ਵਿੱਚ ਮੋਦੀ ਵੱਲੋਂ ਅਡਾਨੀ ਦਾ ਬਚਾਅ ਕੀਤਾ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਸੰਸਦ ਵਿੱਚ ਇਸ ਮੁੱਦੇ ‘ਤੇ ਬਹਿਸ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਕਾਬਿਲੇਗੌਰ ਹੈ ਕਿ ਟੀਐੱਮਸੀ ਲੀਡਰਸ਼ਿਪ ਨੇ ਪਹਿਲਾਂ ਹੀ ਕਿਹਾ ਹੋਇਆ ਹੈ ਕਿ ਦਸ ਗੈਰ-ਭਾਜਪਾ ਸੂਬੇ ਆਪਣੇ ਪੱਧਰ ‘ਤੇ ਅਡਾਨੀ ਘਪਲੇ ਦੀ ਜਾਂਚ ਕਰਵਾਉਣ ਤਾਂ ਕਿ ਜਨਤਕ ਪੈਸੇ ਦੀ ਦੁਰਵਰਤੋਂ ਰੋਕੀ ਜਾ ਸਕੇ।
ਰੋਸ ਪ੍ਰਦਰਸ਼ਨਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਦੇ ਆਗੂਆਂ ਨੇ ਸੰਸਦੀ ਕੰਪਲੈਕਸ ਵਿੱਚ ਮੁਲਾਕਾਤ ਕੀਤੀ ਤੇ ਅਡਾਨੀ ਮਾਮਲੇ ਦੀ ਜੇਪੀਸੀ ਤੋਂ ਜਾਂਚ ਕਰਵਾਉਣ ਦੀ ਮੰਗ ‘ਤੇ ਜ਼ੋਰ ਦਿੱਤਾ। ਇਹ ਮੁਲਾਕਾਤ ਕਾਂਗਰਸ ਦੇ ਕੌਮੀ ਪ੍ਰਧਾਨ ਤੇ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਦੇ ਚੈਂਬਰ ਵਿੱਚ ਹੋਈ ਜਿਸ ਵਿੱਚ ਕਾਂਗਰਸ, ਡੀਐੱਮਕੇ, ਆਰਜੇਡੀ, ਸੀਪੀਆਈ-ਐੱਮ, ਸੀਪੀਆਈ, ਐੱਨਸੀਪੀ, ਸ਼ਿਵ ਸੈਨਾ (ਯੂਬੀਟੀ), ਜੇਡੀਯੂ, ਜੇਐੱਮਐੱਮ, ਆਈਯੂਐੱਮਐੱਲ, ‘ਆਪ’ ਤੇ ਐੱਮਡੀਐੱਮਕੇ ਦੇ ਆਗੂ ਸ਼ਾਮਲ ਸਨ। ਦੱਸਣਯੋਗ ਹੈ ਕਿ ਵਿਰੋਧੀ ਧਿਰਾਂ ਵੱਲੋਂ ਅਡਾਨੀ ਮਾਮਲੇ ‘ਤੇ ਪਾਏ ਗਏ ਰੌਲੇ-ਰੱਪੇ ਅਤੇ ਜਮਹੂਰੀਅਤ ਬਾਰੇ ਰਾਹੁਲ ਗਾਂਧੀ ਵੱਲੋਂ ਕੀਤੀਆਂ ਟਿੱਪਣੀਆਂ ਬਾਰੇ ਸੱਤਾਧਾਰੀ ਧਿਰ ਵੱਲੋਂ ਮੁਆਫੀ ਮੰਗਣ ਦੀ ਕੀਤੀ ਗਈ ਮੰਗ ਕਾਰਨ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਰੋਕ ਦਿੱਤੀ ਗਈ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …