207 ਵਿਅਕਤੀਆਂ ਵਿਰੁੱਧ ਮਾਮਲਾ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਜਾਰੀ ਹੈ।
ਇਸ ਦੌਰਾਨ ਪੰਜਾਬ ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੁਝ ਅਹਿਮ ਜਾਣਕਾਰੀਆਂ ਦਿੱਤੀਆਂ ਹਨ। ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕਰਦਿਆਂ ਪਹਿਲਾਂ 114 ਵਿਅਕਤੀਆਂ ਨੂੰ, ਫਿਰ 158 ਅਤੇ ਵੀਰਵਾਰ ਸ਼ਾਮ ਤੱਕ ਪੁਲਿਸ ਨੇ 207 ਬੰਦਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਨ੍ਹਾਂ ‘ਚੋਂ ਚਾਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਡਿਬਰੂਗੜ੍ਹ ਭੇਜੇ ਗਏ ਸਾਰੇ ਵਿਅਕਤੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨ.ਐਸ.ਏ.) ਤਹਿਤ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਡਿਬਰੂਗੜ੍ਹ ਲਿਜਾਇਆ ਗਿਆ ਹੈ। ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਅਨੰਦਪੁਰ ਖ਼ਾਲਸਾ ਫ਼ੌਜ (ਏ.ਕੇ.ਐਫ.) ਨਾਂਅ ਦੀ ਜਥੇਬੰਦੀ ਬਣਾਉਣ ਦੀ ਕੋਸ਼ਿਸ਼ ਕੀਤੀ। ਉਸ ਦੇ ਘਰ ਦੇ ਦਰਵਾਜ਼ੇ ‘ਤੇ (ਏ.ਕੇ.ਐਫ.) ਵੀ ਲਿਖਿਆ ਹੋਇਆ ਹੈ।ਉਨ੍ਹਾਂ ਕਿਹਾ ਕਿ ਸੂਬੇ ‘ਚ ਸ਼ਾਂਤੀ ਦਾ ਮਾਹੌਲ ਹੈ ਤੇ ਕਾਨੂੰਨ ਵਿਵਸਥਾ ਨੂੰ ਕੋਈ ਚੁਣੌਤੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸਬੰਧਤ ਕੁਝ ਵਿਅਕਤੀਆਂ ਖ਼ਿਲਾਫ਼ 6 ਅਪਰਾਧਿਕ ਮਾਮਲੇ ਦਰਜ ਹਨ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ‘ਤੇ ਬੋਲਦਿਆਂ ਆਈ.ਜੀ.ਪੀ. ਨੇ ਸਾਫ਼ ਕਿਹਾ ਕਿ ਅਜੇ ਗ੍ਰਿਫ਼ਤਾਰੀ ਨਹੀਂ ਹੋਈ ਤੇ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਇਸੇ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਪੁਲਿਸ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ।
150 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
ਚੰਡੀਗੜ੍ਹ : ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਹੈ। ਇਸ ਦੌਰਾਨ ਉਨ੍ਹਾਂ ਨੇ ਕੁਝ ਅਹਿਮ ਜਾਣਕਾਰੀਆਂ ਵੀ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪੁਲਿਸ ਕਾਨੂੰਨ ਅਨੁਸਾਰ ਕੰਮ ਕਰ ਰਹੀ ਹੈ ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਨੈਸ਼ਨਲ ਸਕਿਓਰਿਟੀ ਐਕਟ (ਐਨ. ਐਸ. ਏ.) ਲਾਇਆ ਗਿਆ ਹੈ ਤੇ 18 ਮਾਰਚ ਨੂੰ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ। ਪੰਜਾਬ ਪੁਲਿਸ ਹੁਣ ਤੱਕ 154 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਤੇ ਰਾਈਫਲਾਂ ਅਤੇ ਰਿਵਾਲਵਰਾਂ ਸਮੇਤ ਕਰੀਬ 12 ਹਥਿਆਰ ਵੀ ਬਰਾਮਦ ਕੀਤੇ ਗਏ ਹਨ।
ਬੇਕਸੂਰੇ ਸਿੱਖ ਨੌਜਵਾਨਾਂ ਨੂੰ ਫੜਨਾ ਬੰਦ ਕਰੇ ਪੰਜਾਬ ਸਰਕਾਰ : ਐਡਵੋਕੇਟ ਧਾਮੀ
ਕਿਹਾ : ਸਰਕਾਰ ਸੂਬੇ ਅੰਦਰ ਡਰ ਦਾ ਮਾਹੌਲ ਨਾ ਬਣਾਏ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵਲੋਂ ਸਿੱਖ ਨੌਜਵਾਨਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਕਰੜੀ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜਵਾਨਾਂ ਨੂੰ ਜਾਣ ਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ। ਬਿਨਾਂ ਕਿਸੇ ਆਰੋਪ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਫ਼ੜ੍ਹੋ-ਫ਼ੜ੍ਹਾਈ ਸੂਬੇ ਦੇ ਹਿੱਤ ਵਿਚ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਈ ਦੌਰ ਵੇਖੇ ਹਨ ਅਤੇ ਸੂਬੇ ਦੀ ਮੌਜੂਦਾ ਸਰਕਾਰ ਵਲੋਂ ਹਾਲਾਤ ਨੂੰ ਤਲਖ਼ ਕਰਨ ਵਿਚ ਇਕ ਹੋਰ ਅਧਿਆਇ ਸ਼ਾਮਿਲ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ‘ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ। ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁਲ ਨਹੀਂ ਬਣਾਉਣਾ ਚਾਹੀਦਾ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਕਿਹਾ : ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਖ਼ੁਫ਼ੀਆ ਤੰਤਰ ਪੂਰੀ ਤਰ੍ਹਾਂ ਫੇਲ੍ਹ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮੰਗਲਵਾਰ ਨੂੰ ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਏਨੀ ਵੱਡੀ ਪੁਲਿਸ ਫੋਰਸ ਹੈ, ਇਸ ਦੇ ਬਾਵਜੂਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਫੜਨ ‘ਚ ਨਾਕਾਮ ਰਹੀ। ਇਹ ਪੰਜਾਬ ਪੁਲਿਸ ਦੀ ਖ਼ੁਫ਼ੀਆ ਨਾਕਾਮੀ ਨੂੰ ਦਰਸਾਉਂਦਾ ਹੈ। ਅਦਾਲਤ ਨੇ ਕਿਹਾ ਕਿ 80 ਹਜ਼ਾਰ ਪੁਲਿਸ ਮੁਲਾਜ਼ਮ ਕੀ ਕਰ ਰਹੇ ਸਨ। ਪੁਲਿਸ ਦਾ ਖ਼ੁਫ਼ੀਆ ਤੰਤਰ ਪੂਰੀ ਤਰ੍ਹਾਂ ਫ਼ੇਲ੍ਹ ਰਿਹਾ ਹੈ।
ਹਾਈਕੋਰਟ ਨੇ ਮਾਮਲੇ ਵਿਚ ਅਮੀਕਸ ਕਿਊਰੀ ਨਿਯੁਕਤ ਕਰਨ ਦੇ ਵੀ ਆਦੇਸ਼ ਦਿੱਤੇ ਹਨ। ਮਾਮਲੇ ‘ਚ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਾਈ ਪੇਸ਼ ਹੋਏ ਅਤੇ ਹਾਈਕੋਰਟ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਨੈਸ਼ਨਲ ਸਕਿਓਰਿਟੀ ਐਕਟ (ਐਨ.ਐਸ.ਏ.) ਲਗਾਇਆ ਗਿਆ ਹੈ। ਉਥੇ ਹੀ ਪੁਲਿਸ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ ਤੇ ਉਸ ਨੂੰ ਫੜਨ ਦੇ ਯਤਨ ਕੀਤੇ ਜਾ ਰਹੇ ਹਨ। ਹੁਣ ਮਾਮਲੇ ਦੀ ਸੁਣਵਾਈ ਚਾਰ ਦਿਨਾਂ ਬਾਅਦ ਹੋਵੇਗੀ। ਇਸਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ (ਸਥਿਤੀ) ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਅਦਾਲਤ ‘ਚ ਮੌਜੂਦ ਸਨ। ਅਦਾਲਤ ਤੋਂ ਬਾਹਰ ਆ ਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਉਨ੍ਹਾਂ ਦੇ ਵਕੀਲ ਨੇ ਮੀਡੀਆ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਖ਼ਤਰਾ ਹੈ। ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਣਾ ਚਾਹੀਦਾ ਹੈ।
ਤਰਨ ਤਾਰਨ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ 24 ਮਾਰਚ ਤੱਕ ਮੋਬਾਇਲ ਇੰਟਰਨੈਟ ਸੇਵਾ ਰਹੇਗੀ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ‘ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਭਲਕੇ 24 ਮਾਰਚ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਜਦਕਿ ਮੋਗਾ, ਸੰਗਰੂਰ ਜ਼ਿਲ੍ਹਿਆਂ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਜਿਸ ਇਲਾਕੇ ‘ਚ ਮੋਬਾਇਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਬੰਦ ਸਨ, ਉਨ੍ਹਾਂ ਨੂੰ ਅੱਜ ਬਹਾਲ ਕਰ ਦਿੱਤਾ ਗਿਆ ਹੈ। ਇਹ ਆਦੇਸ਼ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਲੈ ਕੇ ਚੱਲ ਰਹੀਆਂ ਤਰ੍ਹਾਂ-ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਰੋਕਣ ਲਈ ਅਤੇ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਲੰਘੀ 18 ਮਾਰਚ ਨੂੰ ਪੂਰੇ ਪੰਜਾਬ ‘ਚ ਮੋਬਾਇਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ 21 ਮਾਰਚ ਨੂੰ 4 ਜ਼ਿਲ੍ਹਿਆਂ ਮੋਗਾ, ਸੰਗਰੂਰ, ਤਰਨਤਾਰਨ, ਫਿਰੋਜ਼ਪੁਰ ‘ਚ ਪੂਰਨ ਤੌਰ ‘ਤੇ ਜਦਕਿ ਅਜਨਾਲਾ ਅਤੇ ਮੁਹਾਲੀ ਜ਼ਿਲ੍ਹੇ ਦੇ ਕੁਝ ਇਲਾਕਿਆਂ ਨੂੰ ਛੱਡ ਕੇ ਬਾਕੀ ਥਾਵਾਂ ‘ਤੇ ਮੋਬਾਇਲ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।
ਅੰਮ੍ਰਿਤਪਾਲ ਸਿੰਘ ਖਿਲਾਫ 6 ਕੇਸ ਕੀਤੇ ਗਏ ਹਨ ਦਰਜ : ਆਈ. ਜੀ. ਸੁਖਚੈਨ ਸਿੰਘ ਗਿੱਲ
ਚੰਡੀਗੜ੍ਹ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪੰਜਾਬ ਪੁਲਿਸ ਦੇ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ 6 ਕੇਸ ਦਰਜ ਕੀਤੇ ਗਏ ਹਨ ਅਤੇ 114 ਵਿਅਕਤੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਅਜੇ ਪੁਲਿਸ ਦੀ ਹਿਰਾਸਤ ਵਿਚ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਅਤੇ ਫਰਜ਼ੀ ਖਬਰਾਂ ‘ਤੇ ਧਿਆਨ ਨਾ ਦੇਣ। ਉਨ੍ਹਾਂ ਮੀਡੀਆ ਨੂੰ ਵੀ ਕਿਹਾ ਕਿ ਖਬਰ ਦੇਣ ਤੋਂ ਪਹਿਲਾਂ ਪੂਰੀ ਤਰ੍ਹਾਂ ਜਾਂਚ ਜ਼ਰੂਰ ਕਰਨ। ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪੰਜਾਬ ਵਿਚ ਇੰਟਰਨੈਟ ਬੰਦ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ਵਿਚ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ। ਇਸੇ ਦੌਰਾਨ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ‘ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ। ਉਧਰ ਦੂਜੇ ਪਾਸੇ ਲੰਡਨ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨ ‘ਤੇ ਲੱਗਾ ਤਿਰੰਗਾ ਉਤਾਰ ਦਿੱਤਾ। ਭਾਰਤ ਨੇ ਇਸ ‘ਤੇ ਇਤਰਾਜ਼ ਕਰਦਿਆਂ ਦਿੱਲੀ ਵਿਚ ਬ੍ਰਿਟਿਸ਼ ਹਾਈ ਕਮਿਸ਼ਨ ਨੂੰ ਤਲਬ ਵੀ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ
ਪਿੰਡ ਜੱਲੂਪੁਰ ਖੇੜਾ ਵਿੱਚ ਪਹੁੰਚੀ ਪੁਲਿਸ
ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੱਲੂਪੁਰ ਖੇੜਾ ਵਿੱਚ ਪੁਲਿਸ ਪਹੁੰਚੀ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਘਰ ਵਿੱਚ ਉਸਦੇ ਪਰਿਵਾਰਕ ਮੈਂਬਰਾਂ ਤੋਂ ਪੁੱਛ-ਪੜਤਾਲ ਕੀਤੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਉਸਦੀ ਪਤਨੀ ਐੱਨਆਰਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਾਂਚ ਵਾਸਤੇ ਗਈ ਪੁਲਿਸ ਟੀਮ ਵਿੱਚ ਦੋ ਡੀਐੱਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਸਨ ਜਿਨ੍ਹਾਂ ਵਿੱਚ ਇੱਕ ਮਹਿਲਾ ਡੀਐੱਸਪੀ ਵੀ ਸ਼ਾਮਲ ਸੀ।
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਜਥੇਬੰਦੀਆਂ ਦੀ ਮੀਟਿੰਗ 27 ਮਾਰਚ ਨੂੰ ਸੱਦੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿੱਚ ਬਣੇ ਮੌਜੂਦਾ ਡਰ ਵਾਲੇ ਹਾਲਾਤ ਅਤੇ ਸਿੱਖ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਦੇ ਮਾਮਲਿਆਂ ਨੂੰ ਵਿਚਾਰਨ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਸੰਸਥਾਵਾਂ, ਸੰਪਰਦਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਇੱਕ ਅਹਿਮ ਮੀਟਿੰਗ 27 ਮਾਰਚ ਨੂੰ ਸੱਦੀ ਗਈ ਹੈ। ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਇਸ ਸਬੰਧ ਵਿੱਚ ਇੱਕ ਪੋਸਟਰ ਵੀ ਸੋਸ਼ਲ ਮੀਡੀਆ ‘ਤੇ ਜਾਰੀ ਕੀਤਾ ਗਿਆ ਹੈ। ਪੋਸਟਰ ਵਿੱਚ ਦੱਸਿਆ ਗਿਆ ਹੈ ਕਿ ਇਹ ਸਾਂਝੀ ਵਿਸ਼ੇਸ਼ ਇਕੱਤਰਤਾ 27 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤਸਰ ਵਿੱਚ ਹੋਵੇਗੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਇਸ ਇਕੱਤਰਤਾ ਬਾਰੇ ਪੁਸ਼ਟੀ ਕੀਤੀ ਹੈ। ਇਸ ਵਿਸ਼ੇਸ਼ ਇਕੱਤਰਤਾ ਦੇ ਏਜੰਡੇ ਵਿੱਚ ਪੰਜਾਬ ਦੇ ਮੌਜੂਦਾ ਹਾਲਾਤ, ਸਿੱਖਾਂ ਦੇ ਮਨਾਂ ਵਿੱਚ ਲੰਮੇ ਸਮੇਂ ਤੋਂ ਬਣੇ ਬੇਚੈਨੀ ਵਾਲੇ ਮਾਹੌਲ ਅਤੇ ਸਿੱਖ ਨੌਜਵਾਨਾਂ ਦੀਆਂ ਨਾਜਾਇਜ਼ ਗ੍ਰਿਫਤਾਰੀਆਂ ਬਾਰੇ ਵਿਚਾਰ ਵਟਾਂਦਰਾ ਕਰਨਾ ਸ਼ਾਮਲ ਕਰਨਾ ਸ਼ਾਮਲ ਹੈ। ਇਸ ਸਬੰਧੀ ਜਾਰੀ ਕੀਤੇ ਗਏ ਪੋਸਟਰ ‘ਚ ਦੱਸਿਆ ਗਿਆ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜਾਬ ਦੀਆਂ ਸ਼੍ਰੋਮਣੀ ਸਿੱਖ ਸੰਸਥਾਵਾਂ, ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ, ਬੁਧੀਜੀਵੀ, ਵਕੀਲਾਂ, ਪੱਤਰਕਾਰਾਂ ਆਦਿ ਦੇ ਨੁਮਾਇੰਦਿਆਂ ਨਾਲ ਇਸ ਏਜੰਡੇ ਬਾਰੇ ਗੱਲਬਾਤ ਕੀਤੀ ਜਾਵੇਗੀ। ਸਮੂਹ ਧਿਰਾਂ ਨਾਲ ਵਿਚਾਰ ਉਪਰੰਤ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਭਵਿੱਖੀ ਵਿਉਂਤਬੰਦੀ ਕੀਤੀ ਜਾਵੇਗੀ।