8.7 C
Toronto
Friday, October 17, 2025
spot_img
Homeਪੰਜਾਬਸਰਕਾਰਾਂ ਸਿਆਸੀ ਮੁਫਾਦਾਂ ਲਈ ਦਹਿਸ਼ਤ ਦਾ ਮਾਹੌਲ ਨਾ ਸਿਰਜਣ : ਗਿਆਨੀ ਹਰਪ੍ਰੀਤ...

ਸਰਕਾਰਾਂ ਸਿਆਸੀ ਮੁਫਾਦਾਂ ਲਈ ਦਹਿਸ਼ਤ ਦਾ ਮਾਹੌਲ ਨਾ ਸਿਰਜਣ : ਗਿਆਨੀ ਹਰਪ੍ਰੀਤ ਸਿੰਘ

ਕੁਝ ਵੱਡੀਆਂ ਤਾਕਤਾਂ ਵੱਲੋਂ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਸਿਆਸੀ ਲਾਹਾ ਲੈਣ ਦੀ ਗੱਲ ਆਖੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ‘ਚ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ ਕਿ ਜਮਹੂਰੀਅਤ ਵਿੱਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨਾਂ ਨਾਲ ਸਰਕਾਰੀ ਜ਼ਬਰ ਤੇ ਨਾਜਾਇਜ਼ ਹਿਰਾਸਤ ਦਾ ਅਮਲ ਅਪਣਾਉਣ ਤੋਂ ਸਰਕਾਰਾਂ ਗੁਰੇਜ਼ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਬਹੁਤ ਸੰਤਾਪ ਹੰਢਾਇਆ ਹੈ ਅਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੁਝ ਵੱਡੀਆਂ ਤਾਕਤਾਂ ਹਰ ਵੇਲੇ ਸਿੱਖ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਸਿਆਸੀ ਲਾਹਾ ਲੈਣ ਦੀ ਤਾਕ ਵਿੱਚ ਰਹਿੰਦੀਆਂ ਹਨ। ਜਥੇਦਾਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ- ਕਲਪ ਕਰਨ ਵਾਲੇ ਰਾਹ ‘ਤੇ ਚੱਲਣ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਰੋਪ ਲਾਇਆ ਕਿ ਸਰਕਾਰਾਂ ਦੀਆਂ ਸਿੱਖਾਂ ਨੂੰ ਧਾਰਮਿਕ ਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ਦੀਆਂ ਨੀਤੀਆਂ ਸੂਬੇ ਲਈ ਦਮਨਕਾਰੀ ਸਾਬਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿੱਤਾਂ ਨੂੰ ਪੂਰਨ ਵਾਸਤੇ ਸਰਕਾਰਾਂ ਨੂੰ ਘੱਟ ਗਿਣਤੀ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

RELATED ARTICLES
POPULAR POSTS