Breaking News
Home / ਪੰਜਾਬ / ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅੰਤਰਿਮ ਅਗਾਊਂ ਜ਼ਮਾਨਤ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅੰਤਰਿਮ ਅਗਾਊਂ ਜ਼ਮਾਨਤ

ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਰਾਹਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 30 ਮਈ ਤੱਕ ਅੰਤਰਿਮ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਸੁਖਬੀਰ ਸਿੰਘ ਬਾਦਲ ਅਤੇ ਸਹਿ-ਮੁਲਜ਼ਮ ਸੁਖਮਿੰਦਰ ਸਿੰਘ ਮਾਨ ਦੀ ਗ੍ਰਿਫ਼ਤਾਰੀ ਦੀ ਲਟਕ ਰਹੀ ਤਲਵਾਰ ਫਿਲਹਾਲ ਕੁਝ ਸਮੇਂ ਲਈ ਟਲ ਗਈ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਸੰਬੰਧੀ 9 ਮਾਰਚ ਨੂੰ ਜ਼ਿਲ੍ਹਾ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਹੇਠਲੀ ਅਦਾਲਤ ਨੇ 95 ਸਾਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬੁਢਾਪੇ ਕਾਰਨ ਜ਼ਮਾਨਤ ਦੇ ਦਿੱਤੀ ਸੀ ਪਰ ਸੁਖਬੀਰ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਸੀ। ਇਸਦੇ ਨਾਲ ਹੀ ਮੰਗਲਵਾਰ ਨੂੰ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਐਸ. ਆਈ. ਟੀ. ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ‘ਚ 7 ਹਜ਼ਾਰ ਸਫਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ।
ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਵੀ ਮਿਲੀ ਅਗਾਊਂ ਜ਼ਮਾਨਤ
ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਨਾਮਜ਼ਦ ਕੀਤੇ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਗਈ ਜਦਕਿ ਇਸ ਤੋਂ ਪਹਿਲਾਂ ਫਰੀਦਕੋਟ ਅਦਾਲਤ ਵਿਚ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਤੱਤਕਾਲੀ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਤੱਤਕਾਲੀ ਐਸ. ਐਸ. ਪੀ. ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਦੇ ਆਦੇਸ਼ ਦਿੱਤੇ ਸਨ। ਵਧੀਕ ਸੈਸ਼ਨ ਜੱਜ ਨੇ ਇਸ ਮਾਮਲੇ ਵਿਚ ਲੰਮੀ ਬਹਿਸ ਸੁਣਨ ਤੋਂ ਬਾਅਦ ਇਹ ਫ਼ੈਸਲਾ ਸੁਣਾਇਆ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਵਾਰ-ਵਾਰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਲਿਖੇ ਜਾਣ ‘ਤੇ ਵੀ ਸੁਮੇਧ ਸੈਣੀ ਨੇ ਜਾਂਚ ਟੀਮ ਨੂੰ ਸਹਿਯੋਗ ਨਹੀਂ ਦਿੱਤਾ ਅਤੇ ਨਾ ਹੀ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

Check Also

ਚੱਬੇਵਾਲ, ਗਿੱਦੜਬਾਹਾ ਤੇ ਡੇਰਾ ਬਾਬਾ ਨਾਨਕ ਸੀਟਾਂ ’ਤੇ ਆਮ ਆਦਮੀ ਪਾਰਟੀ ਨੇ ਜਿੱਤ ਕੀਤੀ ਹਾਸਲ

ਬਰਨਾਲਾ ਤੋਂ ਕਾਂਗਰਸ ਪਾਰਟੀ ਦੇ ਕੁਲਦੀਪ ਸਿੰਘ ਢਿੱਲੋਂ ਨੇ ਮਾਰੀ ਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ …