ਪੰਜਾਬ ਦੇ ਅਫਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ
ਸਰਕਾਰ ਨੇ ਕੁਝ ਅਫਸਰਾਂ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਕੁਤਾਹੀ ਮਾਮਲੇ ‘ਚ ਕੁਝ ਅਫ਼ਸਰਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਕੁਝ ਅਫ਼ਸਰਾਂ ਤੋਂ ਅਜੇ ਸਿਰਫ਼ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪੰਜਾਬ ਸਰਕਾਰ ਨੇ ਤਤਕਾਲੀ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਦੋ ਹੋਰਨਾਂ ਉੱਚ ਅਫ਼ਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਵਿੱਢ ਦਿੱਤੀ ਹੈ। ਗ੍ਰਹਿ ਵਿਭਾਗ ਵੱਲੋਂ ਪ੍ਰਸੋਨਲ ਵਿਭਾਗ ਨੂੰ ਭੇਜੇ ਪੱਤਰ ਅਨੁਸਾਰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਤੋਂ ਇਲਾਵਾ ਫ਼ਿਰੋਜ਼ਪੁਰ ਰੇਂਜ ਦੇ ਤਤਕਾਲੀ ਡੀਆਈਜੀ ਇੰਦਰਬੀਰ ਸਿੰਘ ਅਤੇ ਤਤਕਾਲੀ ਐੱਸਐੱਸਪੀ ਹਰਮਨਦੀਪ ਸਿੰਘ ਹਾਂਸ ਖ਼ਿਲਾਫ਼ ਵੱਡੀ ਸਜ਼ਾ (ਮੇਜਰ ਪੈਨਲਟੀ) ਦੇਣ ਵਜੋਂ ਕਾਰਵਾਈ ਸ਼ੁਰੂ ਕੀਤੀ ਗਈ ਹੈ। ਕੁਝ ਅਧਿਕਾਰੀਆਂ, ਜਿਨ੍ਹਾਂ ਵਿੱਚ ਆਈਪੀਐੱਸ ਅਧਿਕਾਰੀ ਨਰੇਸ਼ ਅਰੋੜਾ, ਜੀ.ਨਾਗੇਸ਼ਵਰ ਰਾਓ, ਮੁਖਵਿੰਦਰ ਸਿੰਘ ਛੀਨਾ, ਰਾਕੇਸ਼ ਅਗਰਵਾਲ, ਸੁਰਜੀਤ ਸਿੰਘ ਅਤੇ ਚਰਨਜੀਤ ਸਿੰਘ ਸ਼ਾਮਿਲ ਹਨ, ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਆਈਪੀਐੱਸ ਅਧਿਕਾਰੀਆਂ ਨੂੰ ਸਜ਼ਾ ਦਿੰਦੇ ਸਮੇਂ ਕੇਂਦਰ ਜਾਂ ਸੂਬਾ ਸਰਕਾਰ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨਾਲ ਮਸ਼ਵਰਾ ਕਰਨਾ ਪੈਂਦਾ ਹੈ।
ਪੰਜਾਬ ਸਰਕਾਰ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਜਾਣੂ ਕਰਾ ਚੁੱਕੀ ਹੈ ਕਿ ਪ੍ਰਧਾਨ ਮੰਤਰੀ ਸੁਰੱਖਿਆ ਮਾਮਲੇ ਵਿੱਚ ਕੁਤਾਹੀ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਚੇਤੇ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਜਨਵਰੀ 2022 ਨੂੰ ਜਦੋਂ ਫਿਰੋਜ਼ਪੁਰ ਦੇ ਹੁਸੈਨੀਵਾਲਾ ਜਾ ਰਹੇ ਸਨ ਤਾਂ ਰਸਤੇ ਵਿੱਚ ਕਿਸਾਨਾਂ ਦਾ ਧਰਨਾ ਲੱਗਾ ਹੋਇਆ ਸੀ ਜਿਸ ਕਰਕੇ ਪ੍ਰਧਾਨ ਮੰਤਰੀ ਨੂੰ ਕਰੀਬ 20 ਮਿੰਟ ਫਲਾਈਓਵਰ ‘ਤੇ ਰੁਕਣਾ ਪਿਆ ਅਤੇ ਬਿਨਾਂ ਰੈਲੀ ਨੂੰ ਸੰਬੋਧਨ ਕੀਤੇ ਵਾਪਸ ਜਾਣਾ ਪਿਆ ਸੀ। ਉਸ ਮਗਰੋਂ ਸੁਪਰੀਮ ਕੋਰਟ ਵੱਲੋਂ 12 ਜਨਵਰੀ ਨੂੰ ਸੁਪਰੀਮ ਕੋਰਟ ਦੀ ਸਾਬਕਾ ਜੱਜ ਇੰਦੂ ਮਲਹੋਤਰਾ ਦੀ ਅਗਵਾਈ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦੀ ਜਾਂਚ ਲਈ ਪੰਜ ਮੈਂਬਰੀ ਪੈਨਲ ਬਣਾਇਆ ਗਿਆ ਸੀ। ਇਸ ਜਾਂਚ ਪੈਨਲ ਨੇ 25 ਅਗਸਤ ਨੂੰ ਆਪਣੀ ਰਿਪੋਰਟ ਦੇ ਦਿੱਤੀ ਸੀ ਜਿਸ ‘ਤੇ ਕਾਰਵਾਈ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਲਿਖ ਦਿੱਤਾ ਸੀ।