23.5 C
Toronto
Friday, May 29, 2026
spot_img
Homeਪੰਜਾਬਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰ ਲਗਾਉਣ ਦਾ ਕਾਰਜ ਸ਼ੁਰੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰ ਲਗਾਉਣ ਦਾ ਕਾਰਜ ਸ਼ੁਰੂ

ਮੁੱਖ ਇਮਾਰਤ ‘ਚ ਸਲ੍ਹਾਬ ਆਉਣ ਕਾਰਨ ਮੁਰੰਮਤ ਲਈ ਹਟਾ ਦਿੱਤੇ ਗਏ ਸਨ ਕੁਝ ਪੱਤਰੇ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਇਮਾਰਤ ਦੇ ਅੰਦਰੂਨੀ ਹਿੱਸੇ ਵਿੱਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ ਹਨ।
ਸ੍ਰੀ ਦਰਬਾਰ ਸਾਹਿਬ ਦੇ ਅੰਦਰ ਮੁੱਖ ਇਮਾਰਤ ‘ਚ ਸਲ੍ਹਾਬ ਆਉਣ ਅਤੇ ਮੀਨਾਕਾਰੀ ‘ਚ ਖਰਾਬੀ ਆਉਣ ਕਾਰਨ ਲਗਪਗ 15 ਤੋਂ ਵੱਧ ਪੱਤਰੇ ਮੁਰੰਮਤ ਲਈ ਹਟਾ ਦਿੱਤੇ ਗਏ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਸੇਵਾ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਸੀ, ਜਿਨ੍ਹਾਂ ਨੇ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਕੀਤਾ ਹੈ।
ਐਤਵਾਰ ਨੂੰ ਅਰਦਾਸ ਮਗਰੋਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਖਾਲਸਾ, ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਨਿਸ਼ਕਾਮ ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਅਤੇ ਸਕੱਤਰ ਪ੍ਰਤਾਪ ਸਿੰਘ ਸੋਨੇ ਦੇ ਪੱਤਰੇ ਲੈ ਕੇ ਦਰਬਾਰ ਸਾਹਿਬ ਪਹੁੰਚੇ ਅਤੇ ਪੱਤਰੇ ਲਗਾਉਣ ਦੀ ਸੇਵਾ ਆਰੰਭ ਕਰਵਾਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਨਮੀ ਕਾਰਨ ਸੁਨਹਿਰੀ ਪੱਤਰੇ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਨੂੰ ਪਹਿਲਾਂ ਦੀ ਤਰ੍ਹਾਂ ਹੂਬਹੂ ਤਿਆਰ ਕਰ ਕੇ ਮੁੜ ਲਗਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੀਨਾਕਾਰੀ ਦੀ ਸਾਂਭ-ਸੰਭਾਲ ਦਾ ਕਾਰਜ ਵੀ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਸੇਵਾ ਦੌਰਾਨ ਮੀਨਾਕਾਰੀ ਅਤੇ ਸੋਨੇ ਦੀ ਪੱਤਰਿਆਂ ਦੀ ਵੀਡੀਓਗ੍ਰਾਫੀ ਕਰਕੇ ਬਰੀਕੀ ਨਾਲ ਸੇਵਾ ਕਾਰਜ ਕੀਤੇ ਗਏ ਹਨ। ਉਨ੍ਹਾਂ ਨਿਸ਼ਕਾਮ ਸੇਵਕ ਜਥੇ ਵੱਲੋਂ ਸ਼ਰਧਾ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਦੌਰਾਨ ਸੇਵਕ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੀਆਂ ਸੇਵਾਵਾਂ ਮਿਲਣੀਆਂ ਗੁਰੂ ਸਾਹਿਬ ਦੀ ਰਹਿਮਤ ਹੈ। ਇਸ ਮੌਕੇ ਗਿਆਨੀ ਰਘਬੀਰ ਸਿੰਘ, ਭਾਈ ਇੰਦਰਜੀਤ ਸਿੰਘ, ਬਾਬਾ ਸਤਨਾਮ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ, ਓਐੱਸਡੀ ਸਤਬੀਰ ਸਿੰਘ ਧਾਮੀ ਤੇ ਹੋਰ ਮੌਜੂਦ ਸਨ।

 

RELATED ARTICLES
POPULAR POSTS