ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਜਲੰਧਰ/ਬਿੳੂਰੋ ਨਿੳੂਜ਼
ਪੰਜਾਬ ਦੇ ਮੁੱਖ ਮੰਤਰੀ ਅੱਜ ਕੱਲ੍ਹ ਜਲੰਧਰ ਜ਼ਿਲ੍ਹੇ ’ਤੇ ਦਿਆਲ ਹੋਏ ਹਨ। ਇਸੇ ਦੌਰਾਨ ਜਲੰਧਰ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਐਂਡ ਸਰਜੀਕਲ ਕੰਪਲੈਕਸ ’ਚ 5 ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਵੀ ਵਰਚੁਅਲ ਉਦਘਾਟਨ ਕੀਤਾ ਹੈ। ਇਸ ਮੌਕੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਪਿਛਲੀਆਂ ਸਰਕਾਰਾਂ ’ਤੇ ਸਿਆਸੀ ਨਿਸ਼ਾਨਾ ਸਾਧਿਆ। ਭਗਵੰਤ ਮਾਨ ਨੇ ਕਿਹਾ ਕਿ ਮੈਂ ਹਰ ਰੋਜ਼ ਚਾਰ-ਪੰਜ ਬਟਨ ਤਰੱਕੀ ਦੇ ਦੱਬਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਕਰੋੜ ਰੁਪਏ ਉਤਾਰਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੇ ਰਾਹ ’ਤੇ ਤੁਰ ਪਿਆ ਹੈ। ਇਸੇ ਦੌਰਾਨ ਭਗਵੰਤ ਮਾਨ ਵਲੋਂ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿਚ ਵੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਗਿਆ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਜ਼ਿਆਦਾ ਧਿਆਨ ਜਲੰਧਰ ਜ਼ਿਲ੍ਹੇ ’ਤੇ ਕੇਂਦਰਤ ਕੀਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਡੇਰਾ ਸੱਚਖੰਡ ਬੱਲਾਂ ਵਿਖੇ ਵੀ ਪਹੁੰਚੇ ਸਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਭਾਵੇਂ ਚੋਣ ਕਮਿਸ਼ਨ ਨੇ ਅਜੇ ਤੱਕ ਜਲੰਧਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਕੋਈ ਐਲਾਨ ਨਹੀਂ ਕੀਤਾ, ਪਰ ਸਿਆਸੀ ਪਾਰਟੀਆਂ ਦੇ ਆਗੂ ਲਗਾਤਾਰ ਜਲੰਧਰ ਲੋਕ ਸਭਾ ਹਲਕੇ ਵਿਚ ਪਹੁੰਚ ਰਹੇ ਹਨ।