ਕਿਹਾ : 24 ਘੰਟਿਆਂ ’ਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ ਸਰਕਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਸਿੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਮੁਖੀ ਸਾਹਿਬਾਨਾਂ ਨੂੰ ਇਕੱਤਰਤਾ ਵਿਚ ਸ਼ਾਮਲ ਹੋਣ ਲਈ ਸੱਦਿਆ ਗਿਆ। ਇਸ ਇਕੱਤਰਤਾ ਵਿਚ ਗੁਰਦੁਆਰਾ ਇਲੈਕਸ਼ਨ ਲੜਣ ਵਾਲੀਆਂ ਪਾਰਟੀਆਂ ਦੇ ਨੁਮਾਇੰਦੇ ਤੇ ਮੈਂਬਰ ਵੀ ਸ਼ਾਮਲ ਹੋਏ। ਇਸ ਦੌਰਾਨ ਜਥੇਦਾਰ ਨੇ ਸਰਕਾਰ ਨੂੰ ਬੇਕਸੂਰੇ ਨੌਜਵਾਨਾਂ ਨੂੰ 24 ਘੰਟਿਆਂ ’ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਹੋਵੇਗਾ। ਸਿੱਖ ਜਥੇਬੰਦੀਆਂ ਦੇ ਮੁਖੀਆਂ ਦੇ ਤਿੰਨ ਘੰਟੇ ਤਕ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਨੇ ਇਹ ਐਲਾਨ ਕੀਤਾ ਹੈ। ਇਹ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 12 ਵਜੇ ਸ਼ੁਰੂ ਹੋ ਕੇ ਕਰੀਬ 3 ਘੰਟਿਆਂ ਤੱਕ ਚੱਲੀ।