Breaking News
Home / ਪੰਜਾਬ / ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪੈਣਗੀਆਂ ਵੋਟਾਂ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪੈਣਗੀਆਂ ਵੋਟਾਂ

ਕਰਨਾਟਕ ਵਿਧਾਨ ਸਭਾ ਲਈ ਵੀ 10 ਮਈ ਨੂੰ ਹੋਵੇਗੀ ਵੋਟਿੰਗ, ਨਤੀਜੇ 13 ਮਈ ਨੂੰ
ਜਲੰਧਰ/ਬਿਊਰੋ ਨਿਊਜ਼ : ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਇਥੇ ਆਉਂਦੀ 10 ਮਈ ਦਿਨ ਬੁੱਧਵਾਰ ਨੂੰ ਵੋਟਾਂ ਪੈਣਗੀਆਂ ਜਦਕਿ ਇਸ ਚੋਣ ਦਾ ਨਤੀਜਾ 13 ਮਈ ਐਲਾਨਿਆ ਜਾਵੇਗਾ। ਧਿਆਨ ਰਹੇ ਕਿ ਇਹ ਲੋਕ ਸਭਾ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਖਾਲੀ ਹੋਈ ਸੀ ਅਤੇ ਕਾਂਗਰਸ ਪਾਰਟੀ ਨੇ ਇਸ ਸੀਟ ਲਈ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਉਮੀਦਵਾਰ ਐਲਾਨ ਦਿੱਤਾ ਹੈ ਜਦਕਿ ਹੋਰ ਕਿਸੇ ਵੀ ਪਾਰਟੀ ਵੱਲੋਂ ਅਜੇ ਤੱਕ ਉਮੀਦਵਾਰ ਨਹੀਂ ਐਲਾਨਿਆ ਗਿਆ। ਉਧਰ ਦੂਜੇ ਪਾਸੇ ਕਰਨਾਟਕ ਵਿਧਾਨ ਸਭਾ ਲਈ ਵੀ ਆਉਂਦੀ 10 ਮਈ ਨੂੰ ਹੀ ਵੋਟਾਂ ਪੈਣਗੀਆਂ ਅਤੇ ਚੋਣ ਨਤੀਜੇ 13 ਮਈ ਨੂੰ ਆਉਣਗੇ। ਇਸ ਸਬੰਧੀ ਐਲਾਨ ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਪੂਰੇ ਸੂਬੇ ਅੰਦਰ ਵੋਟਿੰਗ ਇਕ ਗੇੜ ਦੌਰਾਨ ਯਾਨੀ 10 ਮਈ ਨੂੰ ਹੀ ਕਰਵਾਈ ਜਾਵੇਗੀ। ਇਨ੍ਹਾਂ ਚੋਣਾਂ ਲਈ ਨਾਮਜ਼ਦਗੀ ਪੱਤਰ 20 ਅਪ੍ਰੈਲ ਤੱਕ ਦਾਖਲ ਕੀਤੇ ਜਾ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਤਰੀਕ 24 ਅਪ੍ਰੈਲ ਰੱਖੀ ਗਈ ਹੈ। 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਲਈ 5 ਕਰੋੜ 21 ਲੱਖ ਵੋਟਰ ਆਪਣੀ ਵੋਟ ਦੀ ਵਰਤੋਂ ਕਰਨਗੇ ਜਦਕਿ 9 ਲੱਖ 17 ਹਜ਼ਾਰ ਵੋਟਰ ਪਹਿਲੀ ਆਪਣੀ ਵੋਟ ਦੀ ਵਰਤੋਂ ਕਰਨਗੇ। ਜਿਸ ਦੇ ਲਈ 85,282 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਜਿਨ੍ਹਾਂ ਵਿਚੋਂ 1320 ਪੋਲਿੰਗ ਸਟੇਸ਼ਨਾਂ ਦਾ ਕੰਟਰੋਲ ਸਿਰਫ਼ ਮਹਿਲਾ ਅਧਿਕਾਰੀਆਂ ਕੋਲ ਹੋਵੇਗਾ। ਸੂਬੇ ਦੀ ਮੌਜੂਦਾ ਭਾਜਪਾ ਸਰਕਾਰ ਦਾ ਕਾਰਜਕਾਲ 24 ਮਈ 2023 ਨੂੰ ਖਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਹੀ ਨਵੀਂ ਸਰਕਾਰ ਦੀ ਚੋਣ ਹੋ ਜਾਵੇਗੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …