ਕਿਹਾ : ਮੁੱਖ ਮੰਤਰੀ ਗੁਰੂਘਰ ਨਾਲ ਮੱਥਾ ਨਾ ਲਗਾਉਣ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਲਟੀਮੇਟਮ ਵਾਲਾ ਟਵੀਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਤਿੱਖੀ ਪ੍ਰਤੀਕ੍ਰਿਆ ਪ੍ਰਗਟਾਉਂਦਿਆਂ ਕਿਹਾ ਕਿ ਹੁਣ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤੇ ਗਏ ਬਿਆਨਾਂ ਨੂੰ ਵੀ ਬੈਨ ਕਰਨ ’ਤੇ ਉਤਰ ਆਈਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗੁਰੂਘਰ ਨਾਲ ਮੱਥਾ ਨਾ ਲਗਾਉਣ। ਧਿਆਨ ਰਹੇ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਟਵੀਟ ਕਰਦਿਆਂ ਲਿਖਿਆ ਸੀ ਕਿ ‘ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ। ਇਸ ਦੇ ਜਵਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹ ਸੀ ਕਿ ਚੰਗਾ ਹੁੰਦਾ ਜੇਕਰ ਜਥੇਦਾਰ ਜੀ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ। ਉਧਰ ਦੂਜੇ ਪਾਸੇ ਪੰਜਾਬੀ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਵੀ ਉਸ ਦੇ ਜਨਮ ਦਿਨ ਵਾਲੇ ਦਿਨ ਬੰਦ ਕਰ ਦਿੱਤਾ ਗਿਆ ਹੈ।