Breaking News
Home / Special Story / ਅੰਮ੍ਰਿਤਪਾਲ ਸਿੰਘ ਸਬੰਧੀ ਭਾਰਤ ਨੇ ਨੇਪਾਲ ਸਰਕਾਰ ਨਾਲ ਸਾਂਝੇ ਕੀਤੇ ਵੇਰਵੇ

ਅੰਮ੍ਰਿਤਪਾਲ ਸਿੰਘ ਸਬੰਧੀ ਭਾਰਤ ਨੇ ਨੇਪਾਲ ਸਰਕਾਰ ਨਾਲ ਸਾਂਝੇ ਕੀਤੇ ਵੇਰਵੇ

ਸਰਹੱਦੀ ਇਲਾਕਿਆਂ ‘ਚ ਹਾਈ ਅਲਰਟ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅੰਮ੍ਰਿਤਪਾਲ ਸਿੰਘ ਦੇ ਨੇਪਾਲ ‘ਚ ਹੋਣ ਦਾ ਖ਼ਦਸ਼ਾ ਜਤਾਇਆ ਸੀ। ਨੇਪਾਲ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ ਕਿ ਉਹ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਤੀਜੇ ਮੁਲਕ ‘ਚ ਭੱਜਣ ਤੋਂ ਰੋਕਣ ਦੇ ਉਪਰਾਲੇ ਕਰੇ। ਮੀਡੀਆ ਰਿਪੋਰਟ ਮੁਤਾਬਕ ਭਾਰਤ ਨੇ ਨੇਪਾਲ ਨੂੰ ਕਿਹਾ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਭਾਰਤੀ ਪਾਸਪੋਰਟ ਜਾਂ ਹੋਰ ਕੋਈ ਫ਼ਰਜ਼ੀ ਪਾਸਪੋਰਟ ‘ਤੇ ਮੁਲਕ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ‘ਕਾਠਮੰਡੂ ਪੋਸਟ’ ਅਖ਼ਬਾਰ ਦੀ ਰਿਪੋਰਟ ਮੁਤਾਬਕ ਕੌਂਸੁਲਰ ਸੇਵਾਵਾਂ ਵਿਭਾਗ ਨੂੰ ਸ਼ਨਿਚਰਵਾਰ ਨੂੰ ਭੇਜੇ ਪੱਤਰ ‘ਚ ਕਾਠਮੰਡੂ ‘ਚ ਭਾਰਤੀ ਸਫ਼ਾਰਤਖਾਨੇ ਨੇ ਸਰਕਾਰੀ ਏਜੰਸੀਆਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਅੰਮ੍ਰਿਤਪਾਲ ਸਿੰਘ ਨੇਪਾਲ ਤੋਂ ਭੱਜਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇ। ਪੱਤਰ ਦੇ ਹਵਾਲੇ ਨਾਲ ਅਖ਼ਬਾਰ ਨੇ ਲਿਖਿਆ ਸੀ ਕਿ ਅੰਮ੍ਰਿਤਪਾਲ ਸਿੰਘ ਇਸ ਸਮੇਂ ਨੇਪਾਲ ‘ਚ ਛੁਪਿਆ ਹੋਇਆ ਹੈ। ਵੱਖ ਵੱਖ ਸੂਤਰਾਂ ਦੇ ਹਵਾਲੇ ਨਾਲ ਅਖ਼ਬਾਰ ਨੇ ਕਿਹਾ ਹੈ ਕਿ ਪੱਤਰ ਅਤੇ ਅੰਮ੍ਰਿਤਪਾਲ ਸਿੰਘ ਦੇ ਵੇਰਵੇ ਹੋਟਲਾਂ ਤੋਂ ਲੈ ਕੇ ਏਅਰਲਾਈਨਜ਼ ਸਮੇਤ ਸਾਰੀਆਂ ਸਬੰਧਤ ਏਜੰਸੀਆਂ ਨੂੰ ਭੇਜ ਦਿੱਤੇ ਗਏ ਹਨ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੇਪਾਲ-ਭਾਰਤ ਸਰਹੱਦੀ ਇਲਾਕਿਆਂ ‘ਚ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਅੰਮ੍ਰਿਤਪਾਲ ਸਿੰਘ ਵਲੋਂ ਸਰੈਂਡਰ ਕਰਨ ਦੀਆਂ ਚਰਚਾਵਾਂ ਦਾ ਬਜ਼ਾਰ ਰਿਹਾ ਗਰਮ
ਪੰਜਾਬ ਵਿਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਲੋਂ ਸਰੈਂਡਰ ਕਰਨ ਦੀਆਂ ਚਰਚਾਵਾਂ ਦਾ ਬਜ਼ਾਰ ਗਰਮ ਰਿਹਾ ਹੈ। ਮੀਡੀਆ ਦੀਆਂ ਰਿਪੋਰਟਾਂ ਦੇ ਮੁਤਾਬਕ ਅੰਮ੍ਰਿਤਪਾਲ ਸਿੰਘ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਾਂ ਬਠਿੰਡਾ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਤੇ ਜਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਰੈਂਡਰ ਕਰ ਸਕਦਾ ਹੈ। ਇਸ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਵੀ ਸਖਤ ਕਰ ਦਿੱਤੀ ਸੀ ਅਤੇ ਨਾਕਾਬੰਦੀ ਕਰਕੇ ਗੱਡੀਆਂ ਦੀ ਤਲਾਸ਼ੀ ਵੀ ਲਈ ਜਾ ਰਹੀ ਸੀ। ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਸਬੰਧੀ ਫਗਵਾੜਾ ਅਤੇ ਹੁਸ਼ਿਆਰਪੁਰ ਵਿਚ ਸਰਚ ਅਭਿਆਨ ਵੀ ਚਲਾਇਆ ਸੀ।
ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀ ਅਫ਼ਵਾਹ ਕਾਰਨ ਅੰਮ੍ਰਿਤਸਰ ਪੁਲਿਸ ਛਾਉਣੀ ‘ਚ ਤਬਦੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਫ਼ੈਲੀ ਅਫ਼ਵਾਹ ਕਾਰਨ ਸਾਰਾ ਦਿਨ ਸ਼ਹਿਰ, ਖਾਸਕਰ ਸ੍ਰੀ ਹਰਿਮੰਦਰ ਸਾਹਿਬ ਦਾ ਆਲਾ ਦੁਆਲਾ ਪੁਲਿਸ ਛਾਉਣੀ ਬਣਿਆ ਰਿਹਾ। ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਜਾਣ ਵਾਲੇ ਰਸਤੇ ਪੁਲਿਸ ਨੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤੇ ਤੇ ਚੱਪੇ-ਚੱਪੇ ‘ਤੇ ਪੁਲਿਸ ਅਧਿਕਾਰੀ ਅਤੇ ਜਵਾਨ ਤਾਇਨਾਤ ਦਿਖਾਈ ਦਿੱਤੇ। ਪੁਲਿਸ ਵਲੋਂ ਰੋਕਾਂ ਲਾ ਕੇ ਸ੍ਰੀ ਹਰਿਮੰਦਰ ਸਾਹਿਬ ਵੱਲ ਨੂੰ ਜਾਂਦੇ ਵਾਹਨਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਜਿਸ ਕਾਰਨ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਦੂਰੋਂ ਹੀ ਪੈਦਲ ਤੁਰ ਕੇ ਦਰਸ਼ਨ ਕਰਨ ਜਾਣਾ ਪਿਆ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਰਾਹਾਂ, ਲਾਂਘਿਆਂ ‘ਚ ਬਾਵਰਦੀ ਪੁਲਿਸ ਅਧਿਕਾਰੀਆਂ ਤੇ ਜਵਾਨਾਂ ਤੋਂ ਇਲਾਵਾ ਪਰਿਕਰਮਾ ‘ਚ ਵੀ ਚਿੱਟ ਕਪੜੀਏ ਪੁਲਿਸ ਮੁਲਾਜ਼ਮਾਂ ਤੇ ਸੂਹੀਆ ਤੰਤਰ ਦਾ ਜਾਲ ਵਿਛਾ ਦਿੱਤਾ ਗਿਆ, ਜਿਸ ਕਾਰਨ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਦੇ ਮਨਾ ‘ਚ ਸਹਿਮ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ। ਇਥੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਖੁਦ ਕੀਤੀ ਗਈ ਜਿਨ੍ਹਾਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰਿਆਂ ਜਾਂ ਸ਼ਹਿਰ ‘ਚ ਨਵਰਾਤਿਆ ਜਾਂ ਹੋਰ ਤਿਉਹਾਰਾਂ ਕਰਕੇ ਸੁਰੱਖਿਆ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਸਿੰਘ ਇਥੇ ਆ ਕੇ ਸਮਰਪਣ ਕਰਨਾ ਚਾਹੁਣ ਤਾਂ ਉਹ ਕਰ ਸਕਦੇ ਹਨ ਅਤੇ ਉਨ੍ਹਾਂ ਨਾਲ ਵੀ ਕਾਨੂੰਨ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਪੁਲਿਸ ਸ਼ਰਧਾਲੂਆਂ ਦੇ ਵਾਹਨ ਰੋਕੇ ਜਾਣ ਕਾਰਨ ਬਜ਼ੁਰਗਾਂ ਤੇ ਬੱਚਿਆਂ ਵਾਲੇ ਸ਼ਰਧਾਲੂਆਂ ਨੂੰ ਮੁਸ਼ਕਿਲਾਂ ਦਰਪੇਸ਼ ਆਈਆਂ।
ਪੁਲਿਸ ਵਲੋਂ ਆਪਣੇ ਵਾਹਨਾਂ ਤੋਂ ਇਲਾਵਾ ਕਿਸੇ ਵੀ ਵਾਹਨ ਨੂੰ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਨਹੀਂ ਜਾਣ ਦਿੱਤਾ ਗਿਆ ਅੰਮ੍ਰਿਤਸਰ ਹੀ ਨਹੀਂ ਬਲਕਿ ਵੱਡੀ ਗਿਣਤੀ ‘ਚ ਬਾਹਰੀ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਆਸ-ਪਾਸ ਤਾਇਨਾਤ ਦੇਖੇ ਗਏ।
ਇਸ ਮੌਕੇ ਡੀ. ਆਈ. ਜੀ. ਸਰਹੱਦੀ ਰੇਂਜ ਨਰਿੰਦਰ ਭਾਰਗਵ, ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਤੇ ਹੋਰ ਆਲਾ ਅਧਿਕਾਰੀ ਵੀ ਮੌਜੂਦ ਸਨ। ਦੂਜੇ ਪਾਸੇ ਗੁਰੂ ਨਗਰੀ ਵਿਚ ਟਰੈਫਿਕ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ 8-9 ਰਸਤਿਆਂ ‘ਚ ਟਰੈਫਿਕ ਪ੍ਰਬੰਧਾਂ ਦਾ ਸੁਧਾਰ ਕੀਤਾ ਜਾ ਰਿਹਾ ਹੈ।
ਹੁਸ਼ਿਆਰਪੁਰ ‘ਚ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ
ਦਰਜਨਾਂ ਪਿੰਡਾਂ ‘ਚ ਜਾਰੀ ਰਹੀ ਤਲਾਸ਼ੀ ਮੁਹਿੰਮ, 22 ਘੰਟਿਆਂ ਬਾਅਦ ਵੀ ਪੁਲਿਸ ਦੇ ਹੱਥ ਖਾਲੀ
ਹੁਸ਼ਿਆਰਪੁਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਦੀ ਤਲਾਸ਼ ‘ਚ ਹੁਸ਼ਿਆਰਪੁਰ ਨੇੜਲੇ ਪਿੰਡ ਮਰਨਾਈਆਂ ‘ਚ ਸ਼ੁਰੂ ਹੋਈ ਤਲਾਸ਼ੀ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ।
ਇਸ ਦੌਰਾਨ ਮਰਨਾਈਆਂ ਦੇ ਨਾਲ-ਨਾਲ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਆਲਾ ਅਫ਼ਸਰਾਂ ਸਮੇਤ ਸੈਂਕੜੇ ਪੁਲਿਸ ਮੁਲਾਜ਼ਮਾਂ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਹੁਸ਼ਿਆਰਪੁਰ ਮਾਰਗ ‘ਤੇ ਸਵੇਰ ਤੋਂ ਆਵਾਜਾਈ ਬੰਦ ਰੱਖੀ ਗਈ। ਇਸ ਤਲਾਸ਼ੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਏ.ਡੀ.ਜੀ.ਪੀ. (ਲਾਅ ਐਂਡ ਆਰਡਰ) ਗੁਰਵਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ।
ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਸਤਿੰਦਰ ਸਿੰਘ, ਏ.ਆਈ.ਜੀ. (ਕਾਊਂਟਰ ਇੰਟੈਂਲੀਜੈਂਸ) ਨਵਜੋਤ ਸਿੰਘ ਮਾਹਲ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਪਹੁੰਚੇ ਹੋਏ ਸਨ।
ਇੱਥੇ ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਰਨਾਈਆਂ ‘ਚ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਕਾਊਂਟਰ ਇੰਟੈਂਲੀਜੈਂਸ ਪੁਲਿਸ ਦੀ ਫਾਰਚੂਨਰ ਗੱਡੀ ਨੂੰ ਵੇਖ ਕੇ ਉਕਤ ਨੌਜਵਾਨਾਂ ਨੇ ਗੱਡੀ ਪਿੰਡ ਵੱਲ ਨੂੰ ਮੋੜ ਲਈ, ਪ੍ਰੰਤੂ ਰਸਤਾ ਬੰਦ ਹੋਣ ਕਾਰਨ ਉਹ ਚੱਲਦੀ ਗੱਡੀ ਛੱਡ ਕੇ ਹਨੇਰੇ ‘ਚ ਫ਼ਰਾਰ ਹੋ ਗਏ ਸਨ।ਇਸੇ ਦੌਰਾਨ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ ਦੀ ਪੁਲਿਸ ਤੋਂ ਇਲਾਵਾ ਪੈਰਾ-ਮਿਲਟਰੀ ਫੋਰਸ ਵਲੋਂ ਪਿੰਡ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ।
ਇਹ ਮੁਹਿੰਮ ਮਰਨਾਈਆਂ ਤੋਂ ਅੱਗੇ ਇਲਾਕੇ ਦੇ ਦਰਜਨਾਂ ਪਿੰਡਾਂ ‘ਚ ਵੀ ਜਾਰੀ ਰਹੀ। ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ। ਪੁਲਿਸ ਦਾ ਇਹ ਹਾਈਵੋਲਟੇਜ਼ ਡਰਾਮਾ 22 ਘੰਟਿਆਂ ਤੱਕ ਜਾਰੀ ਰਿਹਾ, ਪ੍ਰੰਤੂ ਪੁਲਿਸ ਦੇ ਹੱਥ ਅਜੇ ਤੱਕ ਕੁਝ ਵੀ ਨਹੀਂ ਲੱਗ ਸਕਿਆ। ਪੁਲਿਸ ਨੂੰ ਸਿਰਫ਼ ਇਨੋਵਾ ਗੱਡੀ ਹੀ ਬਰਾਮਦ ਹੋਈ ਹੈ, ਜੋ ਉਕਤ ਵਿਅਕਤੀ ਛੱਡ ਕੇ ਫ਼ਰਾਰ ਹੋਏ ਸਨ। ਪੁਲਿਸ ਦੀ ਇਸ ਮੁਹਿੰਮ ਨੂੰ ਲੈ ਕੇ ਇਲਾਕੇ ‘ਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਲੋਕ ਆਪਣੇ ਕੰਮਾਂਕਾਰਾਂ ‘ਤੇ ਜਾਣ ਤੋਂ ਵੀ ਪ੍ਰੇਸ਼ਾਨ ਰਹੇ।
ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟ ਹਟਾਉਣ ‘ਤੇ ਗਰਮਾਈ ਸਿਆਸਤ
ਸੁਖਬੀਰ ਬਾਦਲ ਨੇ ਵੀ ਕੀਤੀ ਤਿੱਖੀ ਪ੍ਰਤੀਕ੍ਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇਕੱਤਰਤਾ ਵਾਲੇ ਟਵੀਟ ਨੂੰ ਟਵਿੱਟਰ ਅਕਾਊਂਟ ਤੋਂ ਹਟਾ ਦਿੱਤਾ ਗਿਆ ਸੀ ਜਦਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਟਵਿੱਟਰ ਅਕਾਊਂਟ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਟਵੀਟ ਹਟਾਉਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀ ਤਿੱਖੀ ਪ੍ਰਤੀਕ੍ਰਿਆ ਪ੍ਰਗਟਾਉਂਦਿਆਂ ਕਿਹਾ ਕਿ ਹੁਣ ਸਰਕਾਰਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਕੀਤੇ ਗਏ ਬਿਆਨਾਂ ਨੂੰ ਵੀ ਬੈਨ ਕਰਨ ‘ਤੇ ਉਤਰ ਆਈਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਗੁਰੂਘਰ ਨਾਲ ਮੱਥਾ ਨਾ ਲਗਾਉਣ। ਧਿਆਨ ਰਹੇ ਕਿ ਲੰਘੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਟਵੀਟ ਕਰਦਿਆਂ ਲਿਖਿਆ ਸੀ ਕਿ ‘ਭਗਵੰਤ ਮਾਨ ਜੀ, ਜਿਵੇਂ ਤੁਸੀਂ ਪੰਜਾਬ ਦੀ ਨੁਮਾਇੰਦਗੀ ਕਰਦੇ ਹੋ, ਉਸ ਤਰ੍ਹਾਂ ਮੈਂ ਵੀ ਆਪਣੀ ਕੌਮ ਦਾ ਨਿੱਕਾ ਜਿਹਾ ਨੁਮਾਇੰਦਾ ਹਾਂ। ਮੈਨੂੰ ਵੀ ਆਪਣੀ ਕੌਮ ਦੇ ਨਿਰਦੋਸ਼ ਨੌਜਵਾਨਾਂ ਦੇ ਹੱਕਾਂ ਦੀ ਗੱਲ ਕਰਨ ਦਾ ਅਧਿਕਾਰ ਹੈ ਤੇ ਮੇਰਾ ਫਰਜ਼ ਵੀ। ਇਸ ਦੇ ਜਵਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹ ਸੀ ਕਿ ਚੰਗਾ ਹੁੰਦਾ ਜੇਕਰ ਜਥੇਦਾਰ ਜੀ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ।

Check Also

ਸ਼ਰਾਬ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਵਾਂਗੇ: ਭਗਵੰਤ ਮਾਨ

ਮੁੱਖ ਮੰਤਰੀ ਨੇ ਪਿੰਡ ਗੁੱਜਰਾਂ ਤੇ ਢੰਡੋਲੀ ਖੁਰਦ ਦੇ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ …