ਮਿੱਟੀ ਤੇ ਪਾਣੀ ਦੇ ਸੈਂਪਲਾਂ ‘ਚ ਮਿਲੇ ਖ਼ਤਰਨਾਕ ਰਸਾਇਣ
ਫ਼ਿਰੋਜ਼ਪੁਰ : ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ‘ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ‘ਚੋਂ ਭਰੇ ਗਏ ਪਾਣੀ ਅਤੇ ਮਿੱਟੀ ਦੇ ਸੈਂਪਲਾਂ ਵਿਚ ਖ਼ਤਰਨਾਕ ਰਸਾਇਣਕ ਤੱਤ ਮਿਲੇ ਹਨ। ਇਹ ਤੱਤ ਜਾਨਲੇਵਾ ਸਾਬਤ ਹੋ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਇਹ ਰਿਪੋਰਟ ਅਗਲੀ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ। ਰਿਪੋਰਟ ਜਨਤਕ ਹੋਣ ਮਗਰੋਂ ਫ਼ੈਕਟਰੀ ਨੂੰ ਬੰਦ ਕਰਵਾਉਣ ਲਈ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਸਾਂਝਾ ਮੋਰਚਾ ਦੇ ਆਗੂਆਂ ਨੇ ਇਹ ਫ਼ੈਕਟਰੀ ਬੰਦ ਕਰਨ ਦੇ ਲਿਖਤੀ ਹੁਕਮ ਜਾਰੀ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ ਹੈ। ਸਾਂਝਾ ਮੋਰਚਾ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਰਿਪੋਰਟ ਨੂੰ ਆਧਾਰ ਬਣਾ ਕੇ ਸ਼ਰਾਬ ਫ਼ੈਕਟਰੀ ਫੌਰੀ ਬੰਦ ਕਰਨ ਦੇ ਹੁਕਮ ਜਾਰੀ ਕਰੇ। ਸਾਂਝਾ ਮੋਰਚਾ ਦੇ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਕਾਇਮ ਕੀਤੀਆਂ ਗਈਆਂ ਵੱਖ ਵੱਖ ਟੀਮਾਂ ਵੱਲੋਂ ਭਰੇ ਗਏ 13 ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ। ਇਨ੍ਹਾਂ ਵਿੱਚ ਖ਼ਤਰਨਾਕ ਰਸਾਇਣਕ ਤੱਤ ਪਾਏ ਗਏ ਹਨ। ਰਿਪੋਰਟ ਵਿਚ ਸਪੱਸ਼ਟ ਲਿਖਿਆ ਗਿਆ ਹੈ ਕਿ ਇਨ੍ਹਾਂ ਤੱਤਾਂ ਕਾਰਨ ਇਨਸਾਨ ਦੀ ਮੌਤ ਵੀ ਹੋ ਸਕਦੀ ਹੈ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਕਿਹਾ ਸੀ ਕਿ ਜੇ ਫ਼ੈਕਟਰੀ ਦੇ ਖ਼ਿਲਾਫ਼ ਕੋਈ ਵੀ ਸਬੂਤ ਮਿਲਿਆ ਤਾਂ ਫ਼ੈਕਟਰੀ ਬੰਦ ਕਰਨ ਸਬੰਧੀ ਲਿਖਤੀ ਹੁਕਮ ਜਾਰੀ ਕਰ ਦਿੱਤੇ ਜਾਣਗੇ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਆਪਣਾ ਵਾਅਦਾ ਪੂਰਾ ਕਰਨ ਦੀ ਅਪੀਲ ਕੀਤੀ ਹੈ। ਆਗੂਆਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੌਮੀ ਗਰੀਨ ਟ੍ਰਿਬਿਊਨਲ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਆਖਿਆ ਕਿ ਪਿਛਲੇ 16 ਸਾਲਾਂ ਤੋਂ ਚੱਲ ਰਹੀ ਇਸ ਫ਼ੈਕਟਰੀ ਦੇ ਇਤਰਾਜ਼ਹੀਣਤਾ ਸਰਟੀਫ਼ਿਕੇਟ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਹਾਸਲ ਕੀਤੇ ਜਾ ਰਹੇ ਸਨ। ਆਗੂਆਂ ਨੇ ਸਰਟੀਫਿਕੇਟ ਜਾਰੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਸ਼ਰਾਬ ਫ਼ੈਕਟਰੀ ਨੂੰ ਇੱਕ ਹਜ਼ਾਰ ਕਰੋੜ ਰੁਪਏ ਜੁਰਮਾਨਾ, ਜ਼ਿੰਮੇਵਾਰ ਫ਼ੈਕਟਰੀ ਮਾਲਕਾਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਸੰਘਰਸ਼ ਵਿਚ ਸ਼ਾਮਲ ਕਿਸਾਨਾਂ ਖਿਲਾਫ ਦਰਜ ਕੀਤੇ ਗਏ ਕੇਸ ਰੱਦ ਕਰਨ ਦੀ ਅਪੀਲ ਵੀ ਕੀਤੀ ਹੈ। ਜੇਕਰ ਸਰਕਾਰ ਨੇ ਹੁਣ ਵੀ ਕੋਈ ਐਕਸ਼ਨ ਨਾ ਲਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।