ਜਲੰਧਰ : ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਂ ਸਬੰਧੀ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕੀਤਾ ਤੇ ਉਨ੍ਹਾਂ ਰਿੰਕੂ ਨੂੰ ਪਾਰਟੀ ਉਮੀਦਵਾਰ ਬਣਨ ‘ਤੇ ਵਧਾਈ ਦਿੱਤੀ। ਧਿਆਨ ਰਹੇ ਕਿ ਸੁਸ਼ੀਲ ਕੁਮਾਰ ਰਿੰਕੂ ਨੇ ਲੰਘੇ ਦਿਨੀਂ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। ਇਸ ਤੋਂ ਪਹਿਲਾਂ ਸੁਸ਼ੀਲ ਕੁਮਾਰ ਰਿੰਕੂ ਨੂੰ ਲੰਘੇ ਦਿਨੀਂ ਹੀ ਕਾਂਗਰਸ ਹਾਈ ਕਮਾਂਡ ਨੇ ਪਾਰਟੀ ਵਿਚੋਂ ਕੱਢ ਦਿੱਤਾ ਸੀ। ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਰਿੰਕੂ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਆਰੋਪ ਵੀ ਲਗਾਇਆ ਸੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਣ ਵਾਲੀ ਕਾਂਗਰਸ ਪਾਰਟੀ ਤੋਂ ਬਾਅਦ ਆਮ ਆਦਮੀ ਪਾਰਟੀ ਦੂਜੀ ਪਾਰਟੀ ਬਣ ਗਈ ਹੈ। ਜਦਕਿ ਕਾਂਗਰਸ ਪਾਰਟੀ ਨੇ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਚੋਣ ਮੈਦਾਨ ਵਿਚ ਉਤਾਰਿਆ। ਉਧਰ ਸ਼੍ਰੋਮਣੀ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਹਾਲੇ ਤੱਕ ਆਪਣੇ ਉਮੀਦਵਾਰਾਂ ਦੇ ਨਾਵਾਂ ਸਬੰਧੀ ਐਲਾਨ ਨਹੀਂ ਕੀਤਾ ਗਿਆ। ਜਲੰਧਰ ਲੋਕ ਸਭਾ ਸੀਟ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇਹਾਂਤ ਮਗਰੋਂ ਖਾਲੀ ਹੋਈ ਸੀ, ਜਿਸ ਲਈ ਆਉਂਦੀ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਜਦਕਿ ਇਸ ਚੋਣ ਨਤੀਜੇ 13 ਮਈ ਨੂੰ ਆਉਣਗੇ।