ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਹੁਲ ਗਾਂਧੀ ਦਾ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਬਣਨਾ ਲਗਭਗ ਤੈਅ ਹੈ ਕਿਉਂਕਿ ਸੋਮਵਾਰ ਨੂੰ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਸਹਿਮਤੀ ਪ੍ਰਗਟਾਈ ਗਈ। ਇਸ ਮੀਟਿੰਗ ਵਿੱਚ ਮੌਜੂਦਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਗ਼ੈਰਹਾਜ਼ਰ ਸਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦੇਸ਼ ਵਾਸੀਆਂ ਨੂੰ ਮਿਲੇ ਮੁੱਢਲੇ ਅਧਿਕਾਰਾਂ ਅਤੇ ਆਜ਼ਾਦੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਮਹੂਰੀਅਤ ਕਾਲੇ ਦੌਰ ਵਿਚੋਂ ਲੰਘ ਰਹੀ ਹੈ।
ਚਾਰ ਘੰਟੇ ਚੱਲੀ ਕਮੇਟੀ ਦੀ ਮੀਟਿੰਗ ਵਿੱਚ ਜਦੋਂ ਸੀਨੀਆਰ ਆਗੂ ਏ.ਕੇ. ਐਂਟਨੀ ਨੇ ਰਾਹੁਲ ਗਾਂਧੀ ਨੂੰ ਇਸ 130 ਸਾਲ ਪੁਰਾਣੀ ਪਾਰਟੀ ਦਾ ਪ੍ਰਧਾਨ ਬਣਾਏ ਜਾਣ ਦੀ ਗੱਲ ਆਖੀ ਤਾਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਸਾਰੇ ਮੈਂਬਰਾਂ ਨੇ ਸਹਿਮਤੀ ਪ੍ਰਗਟਾਈ। ਮੀਡੀਆ ਨੂੰ ਸੰਬੋਧਨ ਕਰਦਿਆਂ ਐਂਟਨੀ ਨੇ ਕਿਹਾ ਕਿ ਕਰੋੜਾਂ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਕਮੇਟੀ ਮੈਂਬਰਾਂ ਨੇ ਰਾਹੁਲ ਨੂੰ ਪਾਰਟੀ ਪ੍ਰਧਾਨ ਬਣਾਉਣ ਸਬੰਧੀ ਹਾਮੀ ਭਰੀ ਹੈ। ਇਸ ਦੌਰਾਨ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਵਿਚਾਰਾਂ ਦੀ ਆਜ਼ਾਦੀ ਨੂੰ ਖ਼ਤਮ ਕਰਨ ਦੇ ਮੋਦੀ ਸਰਕਾਰ ਦੇ ਯਤਨਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਦੀ ਜਮਹੂਰੀਅਤ ਇਸ ਵੇਲੇ ਆਪਣੇ ਸਭ ਤੋਂ ਕਾਲੇ ਦੌਰ ਵਿੱਚੋਂ ਲੰਘ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਸਵਾਲ ਬਿਲਕੁਲ ਪਸੰਦ ਨਹੀਂ ਹਨ, ਕਿਉਂਕਿ ਸਰਕਾਰ ਕੋਲ ਜਵਾਬ ਹੀ ਨਹੀਂ ਹਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …