ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਗੈਰਕਾਨੂੰਨੀ ਦੇਸੀ ਸ਼ਰਾਬ ਕੱਢਣ ਤੇ ਇਸਦੀ ਢੋਆ-ਢੁਆਈ ਦੇ ਨਾਲ ਸੂਬੇ ਵਿੱਚ ਚੱਲਦੀਆਂ ਗੈਰਕਾਨੂੰਨੀ ‘ਭੱਠੀਆਂ’ ਨੂੰ ਨੱਥ ਪਾਉਣ ਦੀ ਆਪਣੀ ਕਾਰਵਾਈ ਜਾਰੀ ਰੱਖਣ ਦੀ ਹਦਾਇਤ ਕੀਤੀ ਹੈ। ਜਸਟਿਸ ਐੱਮਆਰਸ਼ਾਹ ਅਤੇ ਜਸਟਿਸ ਸੀਟੀਰਵੀਕੁਮਾਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ ਕਿ ਜੇਕਰ ਕਿਤੇ ਗੈਰਕਾਨੂਨੀ ‘ਭੱਠੀ’ ਚੱਲਦੀ ਫੜੀ ਜਾਂਦੀ ਹੈ ਤਾਂ ਸਥਾਨਕ ਪੁਲਿਸ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਜਾਵੇ। ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੇ ਕਿਹਾ ਕਿ ਤਿੰਨ ਜ਼ਿਲ੍ਹਿਆਂ ਵਿੱਚ ਅਜਿਹੀਆਂ ਤਿੰਨ ਘਟਨਾਵਾਂ ਨੂੰ ਲੈ ਕੇ ਸੱਤ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਚੇਤੇ ਰਹੇ ਕਿ ਸੁਪਰੀਮ ਕੋਰਟ ਨੇ ਪਿਛਲੀਆਂ ਸੁਣਵਾਈਆਂ ਦੌਰਾਨ ਵੀ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਲੈ ਕੇ ਵੱਡਾ ਫਿਕਰ ਜਤਾਇਆ ਸੀ। ਬੈਂਚ ਨੇ ਉਦੋਂ ਕਿਹਾ ਸੀ ਕਿ ਸਾਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਪੰਜਾਬ ਵਿੱਚ ਕਿਸ ਦੀ ਸਰਕਾਰ ਹੈ।