1320 ਸਹਾਇਕ ਲਾਇਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ (ਪੀਐਸਪੀਸੀਐਲ) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ। ਚੰਡੀਗੜ੍ਹ ਸਥਿਤ ਟੈਗੋਰ ਥੀਏਟਰ ਵਿੱਚ ਕਰਵਾਏ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਵਿੱਚ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਲਈ ਪੀਐਸਪੀਸੀਐਲ ਸਹੀ ਮਾਅਨਿਆਂ ‘ਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣਾ ਸਰਕਾਰ ਲਈ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਸੂਬੇ ‘ਚ ਬਿਜਲੀ ਉਤਪਾਦਨ ‘ਚ 83 ਫੀਸਦ ਦਾ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਈ ਸਾਲਾਂ ਬਾਅਦ ਪਛਵਾੜਾ ਕੋਲਾ ਖਾਣ ਤੋਂ ਸ਼ੁਰੂ ਕਰਵਾਈ ਗਈ ਕੋਲੇ ਦੀ ਸਪਲਾਈ ਤਹਿਤ ਹੁਣ ਤੱਕ 5 ਲੱਖ ਮੀਟਰਿਕ ਟਨ ਕੋਲਾ ਇਸ ਖਾਣ ਤੋਂ ਪ੍ਰਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀਐਸਪੀਸੀਐਲ ਦੀ ਮਜ਼ਬੂਤੀ ਲਈ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲ ਤੁਰੰਤ ਜਮ੍ਹਾਂ ਕਰਵਾਉਣ ਦਾ ਨਿਰਦੇਸ਼ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ‘ਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਨੂੰ ਉਨ੍ਹਾਂ ਦੀ ਸਰਕਾਰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ‘ਚ ਇਨ੍ਹਾਂ ਤਿੰਨਾਂ ਖੇਤਰਾਂ ‘ਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ।