ਪ੍ਰਕਾਸ਼ ਸਿੰਘ ਬਾਦਲ ਨੇ ਧੂੰਏਂ ਲਈ ਦਿੱਲੀ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ
ਫ਼ਤਿਹਗੜ੍ਹ ਸਾਹਿਬ : ਦਿੱਲੀ ਵਿੱਚ ਛਾਏ ਧੂੰਏਂ ਉੱਤੇ ਵੀ ਸਿਆਸਤ ਭਾਰੂ ਹੋ ਗਈ ਹੈ। ਭਾਵੇਂ ਦਿੱਲੀ ਸਰਕਾਰ ਰਾਜਧਾਨੀ ਦੀ ਹਵਾ ਨੂੰ ਜ਼ਹਿਰੀਲਾ ਕਰਨ ਲਈ ਹਰਿਆਣਾ ਤੇ ਪੰਜਾਬ ਨੂੰ ਜ਼ਿੰਮੇਵਾਰ ਦੱਸ ਰਹੀ ਹੋਵੇ ਪਰ ਪੰਜਾਬ ਸਰਕਾਰ ਦਾ ਕਹਿਣਾ ਹੈ ਸੂਬੇ ਨੂੰ ਬਦਨਾਮ ਕਰਨ ਲਈ ਕੋਸ਼ਿਸ਼ ਹੋ ਰਹੀ ਹੈ। ਮੁੱਖ ਮੰਤਰੀ ਬਾਦਲ ਨੇ ਧੂੰਏਂ ਲਈ ਦਿੱਲੀ ਸਰਕਾਰ ਨੂੰ ਹੀ ਜ਼ਿੰਮੇਵਾਰ ਦੱਸਿਆ। ਫ਼ਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ‘ਚ ਸੰਗਤ ਦਰਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਬਾਦਲ ਨੇ ਆਖਿਆ ਦਿੱਲੀ ਦੇ ਧੂੰਏਂ ਨਾਲ ਪੰਜਾਬ ਦਾ ਕੋਈ ਲੈਣਾ-ਦੇਣਾ ਨਹੀਂ। ਉਨ੍ਹਾਂ ਆਖਿਆ ਕਿ ਪੰਜਾਬ ਨੇ ਕਦੇ ਵੀ ਅਜਿਹਾ ਨਹੀਂ ਕੀਤਾ। ਮੁੱਖ ਮੰਤਰੀ ਨੇ ਨਾਲ ਹੀ ਆਖਿਆ ਕਿ ਜੇਕਰ ਕੋਈ ਪਰਾਲੀ ਨੂੰ ਅੱਗ ਲਾਏਗਾ ਤਾਂ ਉਸ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਦੂਜੇ ਪਾਸੇ ਹਲਕੇ ਦੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁੱਖ ਮੰਤਰੀ ਉੱਤੇ ਦੋਸ਼ ਲਾਇਆ ਕਿ ਉਹ ਸਰਕਾਰੀ ਪ੍ਰੋਗਰਾਮਾਂ ਨੂੰ ਨਿੱਜੀ ਫ਼ਾਇਦੇ ਲਈ ਵਰਤ ਰਹੇ ਹਨ।
ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ: ਤੋਤਾ ਸਿੰਘ : ਨਵੀਂ ਦਿੱਲੀ : ਦਿੱਲੀ ਅਤੇ ਨੇੜਲੇ ਇਲਾਕਿਆਂ ਵਿਚ ਧੂੰਏਂ ਦੀ ਚਾਦਰ ਪੱਸਰੀ ਹੋਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸੱਦੀ ਗਈ ਬੈਠਕ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੇ ਦਾਅਵਾ ਕੀਤਾ ਕਿ ਦੇਸ਼ ਦੀ ਰਾਜਧਾਨੀ ਵਿਚ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਮੌਗ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੇ ਦਾਅਵਿਆਂ ਦੀ ਨਿਖੇਧੀ ਕੀਤੀ। ਤੋਤਾ ਸਿੰਘ ਨੇ ਕਿਹਾ ਕਿ ਕੇਜਰੀਵਾਲ ਜਦੋਂ ਪੰਜਾਬ ਵਿਚ ਹੁੰਦੇ ਹਨ ਤਾਂ ਉਹ ਕਿਸਾਨਾਂ ਦੀ ਗੱਲ ਕਰਦੇ ਹਨ ਪਰ ਬਾਹਰ ਜਾਂਦਿਆਂ ਹੀ ਉਨ੍ਹਾਂ ਖ਼ਿਲਾਫ਼ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਂਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੇਜਰੀਵਾਲ ਆਪਣਾ ਸਟੈਂਡ ਬਦਲ ਰਹੇ ਹਨ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …