ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਾਈਆਂ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਹੋਰ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਵਿਰੋਧੀ ਸਿਆਸੀ ਪਾਰਟੀਆਂ ’ਤੇ ਤਨਜ ਕਸਿਆ ਹੈ। ਸੀਐਮ ਮਾਨ ਨੇ ਕਿਹਾ ਕਿ ਐਕਸਾਈਜ਼ ਦੀ ਪਾਲਿਸੀ ਨੂੰ ਤਿੰਨ ਮਹੀਨੇ ਦੇਰੀ ਨਾਲ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕੁੱਲ ਰੈਵੀਨਿਊ 8841 ਕਰੋੜ ਰੁਪਏ ਹੈ। ਇਹ ਪਿਛਲੀ ਵਾਰ ਨਾਲੋਂ 2587 ਕਰੋੜ ਰੁਪਏ ਜ਼ਿਆਦਾ ਹੈ। ਮਾਨ ਨੇ ਪਿਛਲੀਆਂ ਸਰਕਾਰਾਂ ਵਲੋਂ ਹਾਸਲ ਕੀਤੇ ਰੈਵੀਨਿਊ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਸਾਲ 2023-24 ਦਾ ਟੀਚਾ 9754 ਕਰੋੜ ਰੁਪਏ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਇਹ ਟੀਚਾ ਹਾਸਲ ਕੀਤਾ ਜਾ ਸਕਦਾ ਸੀ। ਮੁੱਖ ਮੰਤਰੀ ਨੇ ਵਿਰੋਧੀ ਸਿਆਸੀ ਪਾਰਟੀਆਂ ’ਤੇ ਆਪਣੀਆਂ ਜੇਬਾਂ ਭਰਨ ਦੇ ਆਰੋਪ ਲਗਾਏ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਸਭ ਤੋਂ ਵੱਡੀ ਉਪਲਬਧੀ ਜੀਐਸਟੀ ਕੁਲੈਕਸ਼ਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਦੇਸ਼ ਭਰ ਵਿਚ ਸਭ ਤੋਂ ਆਖਰ ਜਾਂ ਆਖਰ ਤੋਂ ਇਕ ਪਾਏਦਾਨ ਹੇਠਾਂ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਸਾਲ 2022-23 ਵਿਚ 16.6 ਪ੍ਰਤੀਸ਼ਤ ਵਾਧੇ ਦੇ ਨਾਲ ਰਿਕਾਰਡ 18,126 ਕਰੋੜ ਰੁਪਏ ਜੀਐਸਟੀ ਕੁਲੈਕਸ਼ਨ ਹੋਈ ਹੈ। ਇਸ ਨਾਲ ਪੰਜਾਬ ਟੌਪ ਦੇ ਸੂਬਿਆਂ ਵਿਚ ਸ਼ਾਮਲ ਹੋ ਗਿਆ ਹੈ।