-9.3 C
Toronto
Monday, December 8, 2025
spot_img
Homeਪੰਜਾਬਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ 20 ਅਪ੍ਰੈਲ ਨੂੰ ਵਿਜੀਲੈਂਸ ਅੱਗੇ ਹੋਣਗੇ ਪੇਸ਼

ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗਿਆ ਹੈ ਤਲਬ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਹੁਣ ਪੰਜਾਬ ਵਿਜੀਲੈਂਸ ਦੀ ਰਾਡਾਰ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਵਿਜੀਲੈਂਸ ਬਿਊਰੋ ਨੇ ਚਰਨਜੀਤ ਚੰਨੀ ਨੂੰ ਪਹਿਲਾਂ ਅੱਜ 12 ਅਪ੍ਰੈਲ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਸਨ। ਪ੍ਰੰਤੂ ਮੀਡੀਆ ਰਿਪੋਰਟਾਂ ਤੋਂ ਇਹ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਚਰਨਜੀਤ ਸਿੰਘ ਚੰਨੀ ਅੱਜ ਬੁੱਧਵਾਰ ਨੂੰ ਨਹੀਂ ਸਗੋਂ 20 ਅਪ੍ਰੈਲ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਤਲਬ ਕੀਤਾ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਅੱਜ ਬੁੱਧਵਾਰ ਨੂੰ ਸਵੇਰੇ ਸਾਢੇ ਦਸ ਵਜੇ ਪੇਸ਼ ਹੋਣ ਲਈ ਕਿਹਾ ਸੀ। ਇਸ ਦੇ ਨਾਲ ਹੀ ਵਿਜੀਲੈਂਸ ਨੇ ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਸੀ, ਜਿਸ ਦਾ ਵਿਜੀਲੈਂਸ ਵੱਲੋਂ ਤਿਆਰ ਕੀਤੀ ਗਈ ਜਾਇਦਾਦ ਸਬੰਧੀ ਰਿਪੋਰਟ ਨਾਲ ਮਿਲਾਨ ਕੀਤਾ ਜਾਵੇਗਾ। ਦੱਸ ਦੇਈਏ ਕਿ ਚੰਨੀ ਨੂੰ ਵਿਜੀਲੈਂਸ ਵੱਲੋਂ ਪਹਿਲੀ ਵਾਰ ਤਲਬ ਕੀਤਾ ਗਿਆ ਹੈ ਪ੍ਰੰਤੂ ਫਿਲਹਾਲ ਚੰਨੀ ਖਿਲਾਫ ਅਜੇ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਲੰਘੇ ਮਹੀਨੇ ਜਦੋਂ ਵਿਜੀਲੈਂਸ ਬਿਊਰੋ ਨੂੰ ਪਤਾ ਚਲਿਆ ਸੀ ਕਿ ਚੰਨੀ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੇ ਹਨ, ਤਾਂ ਵਿਜੀਲੈਂਸ ਨੇ 7 ਮਾਰਚ ਨੂੰ ਉਨ੍ਹਾਂ ਖਿਲਾਫ਼ ਇਕ ਲੁੱਕਆਊਟ ਸਰਕੂਲਰ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਚੰਨੀ ਨੇ ਅਮਰੀਕਾ ਜਾਣ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ।

 

 

RELATED ARTICLES
POPULAR POSTS