ਦਲ ਬਦਲੂਆਂ ਸਹਾਰੇ ਸਿਆਸੀ ਦਲ
ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਆਉਂਦੀ 10 ਮਈ ਨੂੰ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਕਰਮਜੀਤ ਕੌਰ ਚੌਧਰੀ, ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ, ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗੁਰਜੰਟ ਸਿੰਘ ਕੱਟੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਧਿਆਨ ਰਹੇ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਲੋਕ ਸਭਾ ਸੀਟ ਖਾਲੀ ਹੋ ਗਈ ਸੀ ਅਤੇ ਇਸ ਸੀਟ ‘ਤੇ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਜਿਸਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ਆਏ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਹੈ ਅਤੇ ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਬਣਾਇਆ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਨੇ ਭਾਵੇਂ ਆਪਣੀ ਹੀ ਪਾਰਟੀ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੂੰ ਉਮੀਦਵਾਰ ਬਣਾਇਆ ਹੈ, ਪਰ ਉਹ ਵੀ ਬਸਪਾ ਛੱਡ ਕੇ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਸਨ। ਹੁਣ ਇਹ ਚੋਣ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਮਿਲ ਕੇ ਲੜ ਰਹੀਆਂ ਹਨ। ਬਾਕੀ ਹੁਣ 13 ਮਈ ਨੂੰ ਹੀ ਪਤਾ ਲੱਗੇਗਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ।
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ : ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਨਾਮਜ਼ਦਗੀ ਭਰਨ ਮੌਕੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਨਵਜੋਤ ਸਿੰਘ ਸਿੱਧੂ, ਭਾਰਤ ਭੂਸ਼ਣ ਆਸ਼ੂ ਅਤੇ ਮਹਿੰਦਰ ਸਿੰਘ ਕੇ.ਪੀ ਸਮੇਤ ਕਈ ਸੀਨੀਅਰ ਆਗੂ ਪੁੱਜੇ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਇਕ ਪ੍ਰੈਸ ਕਾਨਫਰੰਸ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਇਕ ਸਾਲ ਰਾਜ ਕਰਨ ਤੋਂ ਬਾਅਦ ਵੀ ਆਪਣੀ ਪਾਰਟੀ ‘ਚੋਂ ਉਮੀਦਵਾਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਆਪਣੀ ਪਾਰਟੀ ਦੇ ਵਰਕਰਾਂ ਤੇ ਆਗੂਆਂ ਨਾਲ ਧੋਖਾ ਕੀਤਾ ਹੈ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੂੰ ਆਪਣੇ ਪਾਰਟੀ ਵਰਕਰਾਂ ‘ਤੇ ਭਰੋਸਾ ਨਹੀਂ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਜਲੰਧਰ ਲੋਕ ਸਭਾ ਸੀਟ ਲਈ ਉਮੀਦਵਾਰ ਬਣਾਇਆ ਹੈ।