ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ
ਕਰਤਾਰਪੁਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੀ ਸੋਮਵਾਰ ਨੂੰ ਕਰਤਾਰਪੁਰ ਤੋਂ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਨੂੰ ਸਿਆਸੀ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਸਾਬਕਾ ਵਿਧਾਇਕ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ‘ਤੇ ਸਿਆਸੀ ਵਾਰ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੀਆਂ ਹਨ। ਇਨ੍ਹਾਂ ਵੱਲੋਂ ਸਰਕਾਰ ਦੀ ਕੀਤੀ ਜਾ ਰਹੀ ਵਿਰੋਧਤਾ ਨਾਲ ‘ਆਪ’ ਨੂੰ ਹੋਰ ਬਲ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਸੂਬੇ ਵਿੱਚ ਯੂਪੀਐੱਸਸੀ ਦੀ ਤਿਆਰੀ ਕਰਵਾਉਣ ਵਾਸਤੇ 10 ਅਕੈਡਮੀਆਂ ਖੋਲ੍ਹੀਆਂ ਜਾਣਗੀਆਂ। ਮੁੱਖ ਮੰਤਰੀ ਨੇ ਫ਼ਸਲੀ ਖ਼ਰਾਬੇ ਦੇ ਮੁਆਵਜ਼ੇ ਬਾਰੇ ਕਿਹਾ ਕਿ 13 ਅਪਰੈਲ ਨੂੰ ਮਾਲਵੇ ਵਿੱਚ ਅਬੋਹਰ ਨੇੜੇ ਵੱਡਾ ਇਕੱਠ ਕਰਕੇ ਲੋਕਾਂ ਨੂੰ ਪੈਸੇ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਦਾਲਾਂ ਅਤੇ ਸਬਜ਼ੀਆਂ ਦੇ ਖ਼ਰਾਬੇ ਸਬੰਧੀ ਵੀ ਗਿਰਦਾਵਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਕਿਸਾਨ ਹਿਤੈਸ਼ੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਮੁਫ਼ਤ ਬਿਜਲੀ ਸਪਲਾਈ ਦੀ ਸਬਸਿਡੀ ਪਾਵਰਕੌਮ ਨੂੰ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਆਸੀ ਰਸੂਖ਼ ਵਾਲਿਆਂ ਕੋਲੋਂ ਹਜ਼ਾਰਾਂ ਏਕੜ ਪੰਚਾਇਤੀ ਅਤੇ ਜੰਗਲਾਤ ਵਿਭਾਗ ਦੀ ਜ਼ਮੀਨ ਛੁਡਾ ਲਈ ਹੈ।
ਉਨ੍ਹਾਂ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਘਪਲਿਆਂ ਬਾਰੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਰਿਆਂ ਨੂੰ ਬੇਨਕਾਬ ਕਰ ਕੇ ਉਨ੍ਹਾਂ ਵੱਲੋਂ ਬਣਾਈਆਂ ਜਾਇਦਾਦਾਂ ਅਤੇ ਲੁੱਟ-ਖਸੁੱਟ ਦਾ ਪੈਸਾ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਇਆ ਜਾਵੇਗਾ।