Breaking News
Home / ਪੰਜਾਬ / ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ, ਹਰਦੀਪ ਪੁਰੀ ਨੇ ਕੀਤਾ ਸਵਾਗਤ

ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ, ਹਰਦੀਪ ਪੁਰੀ ਨੇ ਕੀਤਾ ਸਵਾਗਤ

ਡਾ. ਅੰਬੇਡਕਰ ਵੱਲੋਂ ਦਰਸਾਏ ਮਾਰਗ ‘ਤੇ ਚੱਲ ਰਹੀ ਹੈ ਭਾਜਪਾ: ਅਟਵਾਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨਵੀਂ ਦਿੱਲੀ ਵਿਖੇ ਸੋਮਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ 2004 ਤੋਂ 2009 ਤੱਕ 14ਵੀਂ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ। ਅਟਵਾਲ ਦੇ ਨਾਲ ਉਨ੍ਹਾਂ ਦੇ ਛੋਟੇ ਭਰਾ ਜਸਜੀਤ ਸਿੰਘ ਅਟਵਾਲ ਤੇ ਪੰਜਾਬ ਦੇ ਹੋਰ ਆਗੂ ਵੀ ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ। ਸਾਬਕਾ ਅਕਾਲੀ ਆਗੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ”ਜੇ ਕੋਈ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦਰਸਾਏ ਗਏ ਮਾਰਗ ‘ਤੇ ਸਹੀ ਅਰਥਾਂ ਵਿੱਚ ਚੱਲ ਰਿਹਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਵਾਈ ਵਾਲੀ ਕੇਂਦਰ ਸਰਕਾਰ ਹੈ। ਮੈਂ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਅਤੇ ਇਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਿਹਾ ਹਾਂ।”
ਇਸ ਦੌਰਾਨ ਉਨ੍ਹਾਂ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਅਤੇ ਇਸ ਫ਼ੈਸਲੇ ਨੂੰ ‘ਇਤਿਹਾਸਕ ਮੀਲ ਪੱਥਰ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਦਲਿਤਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਪੰਜਾਬ ਵਿੱਚ ਵਿਕਾਸ ਦਾ ‘ਨਵਾਂ ਯੁੱਗ’ ਸ਼ੁਰੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, ”ਅਸੀਂ ਪਾਰਟੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਕੰਮ ਕਰਾਂਗੇ। ਅਸੀਂ ਸਿੱਖਾਂ ਸਮੇਤ ਹਰ ਧਰਮ ਅਤੇ ਭਾਈਚਾਰੇ ਨੂੰ ਨਾਲ ਲੈ ਕੇ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਦੀ ਕੋਸ਼ਿਸ਼ ਕਰਾਂਗੇ।”
ਅਟਵਾਲ ਅਤੇ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪੁਰੀ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਆਗੂ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਕੇਂਦਰੀ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਦੇਸ਼ ਨੇ ਮੋਦੀ ਦੀ ਅਗਵਾਈ ਹੇਠ ਤਰੱਕੀ ਦੇਖੀ ਹੈ। ਇਸ ਦੌਰਾਨ ਉਨ੍ਹਾਂ ਚਰਨਜੀਤ ਸਿੰਘ ਅਟਵਾਲ ਵੱਲੋਂ ਦੇਸ਼ ਦੀ ਸਿਆਸਤ ਵਿੱਚ ਪਾਏ ਗਏ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਅਟਵਾਲ ਦੇ ਅਸਤੀਫੇ ਕਾਰਨ ਹਲਚਲ
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਬੇਟੇ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਉਸ ਦੇ ਭਰਾ ਜਸਜੀਤ ਸਿੰਘ ਅਟਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹੇ ਜਾਣ ਨਾਲ ਸਿਆਸੀ ਹਲਕਿਆਂ ਵਿੱਚ ਹਲਚਲ ਪੈਦਾ ਹੋ ਗਈ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਰਫ਼ ਇਕ ਲਾਈਨ ਦਾ ਅਸਤੀਫ਼ਾ ਭੇਜਿਆ। ਪਿਛਲੇ ਕੁੱਝ ਸਮੇਂ ਤੋਂ ਅਟਵਾਲ ਪਰਿਵਾਰ ਬਾਦਲ ਪਰਿਵਾਰ ਦੀ ਅਣਦੇਖੀ ਕਾਰਨ ਨਾਰਾਜ਼ ਚੱਲਿਆ ਆ ਰਿਹਾ ਸੀ। ਅਟਵਾਲ ਪਰਿਵਾਰ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਕਤਾਰ ਦੇ ਆਗੂਆਂ ਵਿੱਚ ਸ਼ਾਮਲ ਚਰਨਜੀਤ ਸਿੰਘ ਅਟਵਾਲ ਨੂੰ ਅਕਾਲੀ ਦਲ ਵੱਲੋਂ ਹਰ ਚੋਣ ਵਿੱਚ ਆਪਣਾ ਉਮੀਦਵਾਰ ਬਣਾਇਆ ਗਿਆ ਸੀ। ਪਿਛਲੀ ਵਿਧਾਨ ਸਭਾ ਚੋਣ ਵਿੱਚ ਦਲ ਵੱਲੋਂ ਚਰਨਜੀਤ ਸਿੰਘ ਅਟਵਾਲ ਅਤੇ ਉਨ੍ਹਾਂ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਕਿਸੇ ਵੀ ਹਲਕੇ ਤੋਂ ਉਮੀਦਵਾਰ ਨਹੀਂ ਬਣਾਇਆ ਗਿਆ ਸੀ ਜਿਸ ਕਾਰਨ ਉਹ ਸੁਖਬੀਰ ਬਾਦਲ ਤੋਂ ਨਾਰਾਜ਼ ਸਨ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …