ਕਿਹਾ : ਭਾਰਤੀਆਂ ਨੂੰ ਵੰਡਣ ਲਈ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਅਸਲੀ ਭਾਰਤ ਵਿਰੋਧੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਜਯੰਤੀ ਮੌਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ’ਤੇ ਸੱਤਾ ਦੀ ਦੁਰਵਰਤੋਂ ਕਰਕੇ ਸੰਵਿਧਾਨਕ ਸੰਸਥਾਵਾਂ ਨੂੰ ਤਬਾਹ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੋ ਲੋਕ ਤਾਕਤ ਦੀ ਦੁਰਵਰਤੋਂ ਕਰਕੇ ਭਾਰਤੀ ਨਾਗਰਿਕਾਂ ਨੂੰ ਧਰਮ, ਜ਼ਾਤ ਅਤੇ ਭਾਸ਼ਾ ਦੇ ਆਧਾਰ ’ਤੇ ਵੰਡਦੇ ਹਨ ਅਤੇ ਉਨ੍ਹਾਂ ਨੂੰ ਇਕ-ਦੂਜੇ ਖਿਲਾਫ਼ ਖੜ੍ਹਾ ਕਰਦੇ ਹਨ ਉਹ ਅਸਲ ਵਿਚ ਰਾਸ਼ਟਰ ਵਿਰੋਧੀ ਹਨ। ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੋਜਨਾਬੱਧ ਢੰਗ ਨਾਲ ਹੋ ਰਹੇ ਹਮਲਿਆਂ ਤੋਂ ਸੰਵਿਧਾਨ ਨੂੰ ਬਚਾਉਣ ਲਈ ਆਪਣੇ ਕਦਮ ਅੱਗੇ ਵਧਾਉਣ। ਉਨ੍ਹਾਂ ਮੋਦੀ ਸਰਕਾਰ ’ਤੇ ਇਹ ਵੀ ਆਰੋਪ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਦੀ ਬਜਾਏ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਲਈ ਸੱਤਾ ਦੀ ਗਲਤ ਵਰਤੋਂ ਕਰ ਰਹੀ ਹੈ। ਜਿਸ ਨਾਲ ਅਜ਼ਾਦੀ ਨੂੰ ਖਤਰਾ ਪੈਦਾ ਹੋਇਆ ਹੈ ਅਤੇ ਕੁੱਝ ਖਾਸ ਵਿਅਕਤੀਆਂ ਨੂੰ ਫਾਇਦਾ ਪਹੁੰਚਾਉਣ ਦੇ ਮਕਸਦ ਨਾਲ ਸਮਾਨਤਾ ਦੀ ਬੁਨਿਆਦ ਨੂੰ ਸੱਟ ਮਾਰੀ ਜਾ ਰਹੀ ਹੈ।