ਸ਼ਰਾਬ ਨੀਤੀ ਮਾਮਲੇ ’ਚ ਭਲਕੇ ਐਤਵਾਰ ਨੂੰ ਕੀਤੀ ਜਾ ਸਕਦੀ ਹੈ ਪੁੱਛਗਿੱਛ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਨੋਟਿਸ ਭੇਜ ਕੇ 16 ਅਪ੍ਰੈਲ ਐਤਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਬੀਸੀਆਈ ਨੇ ਕੇਜਰੀਵਾਲ ਨੂੰ ਜਾਂਚ ਟੀਮ ਦੇ ਸਵਾਲਾਂ ਦੇ ਜਵਾਬ ਦੇਣ ਲਈ ਐਤਵਾਰ ਨੂੰ ਸਵੇਰੇ 11 ਵਜੇ ਏਜੰਸੀ ਹੈਡਕੁਆਰਟਰ ਵਿਚ ਪੇਸ਼ ਹੋਣ ਲਈ ਆਖਿਆ ਹੈ। ਜਦਕਿ ਸੀਬੀਆਈ ਇਸ ਮਾਮਲੇ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਗਿ੍ਰਫ਼ਤਾਰ ਕਰ ਚੁੱਕੀ ਹੈ। ਕੇਜਰੀਵਾਲ ’ਤੇ ਆਰੋਪ ਹੈ ਕਿ ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ ਵਿਚ ਸ਼ਰਾਬ ਕਾਰੋਬਾਰੀਆਂ ਨੂੰ ਲਾਇਸੈਂਸ ਦੇਣ ਸਮੇਂ ਕੁੱਝ ਖਾਸ ਡੀਲਰਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਇਸ ਬਦਲੇ ਕਥਿਤ ਤੌਰ ’ਤੇ ਰਿਸ਼ਵਤ ਦਿੱਤੀ ਗਈ ਸੀ। ਜਦਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਆਰੋਪਾਂ ਨੂੰ ਨਕਾਰਦਿਆਂ ਇਸ ਨੂੰ ਕੋਰਾ ਝੂਠ ਦੱਸਿਆ ਸੀ। ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਭੇਜੇ ਗਏ ਨੋਟਿਸ ਤੋਂ ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ’ਤੇ ਤਿੱਖੇ ਸਿਆਸੀ ਨਿਸ਼ਾਨੇ ਸਾਧੇ। ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬਿਆਨ ਤੋਂ ਬਾਅਦ ਉਨ੍ਹਾਂ ’ਤੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਚਲਦਿਆਂ ਕੇਜਰੀਵਾਲ ਨੂੰ ਇਹ ਨੋਟਿਸ ਭੇਜਿਆ ਗਿਆ ਹੈ। ਧਿਆਨ ਰਹੇ ਕਿ ਲੰਘੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ’ਚ ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਅਤੇ ਗੌਤਮ ਅਡਾਨੀ ਨਾਲ ਉਨ੍ਹਾਂ ਦੇ ਰਿਸ਼ਤੇ ’ਤੇ ਸਵਾਲ ਚੁੱਕੇ ਸਨ।