ਵਿਦੇਸ਼ ਜਾਣ ਵਾਲਿਆਂ ਨੂੰ ਕਰਨਾ ਪੈ ਰਿਹਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਰੋਨਾ ਰੋਕੂ ਵੈਕਸੀਨ ਦਾ ਸਟਾਕ ਖਤਮ ਹੋ ਚੁੱਕਿਆ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਤਾਂ ਪੜ੍ਹਾਈ ਜਾਂ ਕਿਸੇ ਹੋਰ ਕੰਮ ਕਾਰ ਲਈ ਵਿਦੇਸ਼ ਜਾਣ ਵਾਲਿਆਂ ਝੱਲਣੀ ਪੈ ਰਿਹਾ ਹੈ ਕਿਉਂਕਿ ਵਿਦੇਸ਼ ਜਾਣ ਵਾਲਿਆਂ ਨੂੰ ਵੀਜ਼ਾ ਤਾਂ ਮਿਲ ਗਿਆ ਹੈ ਪ੍ਰੰਤੂ ਉਨ੍ਹਾਂ ਨੂੰ ਕਰੋਨਾ ਰੋਕੂ ਵੈਕਸੀਨ ਲਗਵਾਏ ਬਿਨਾ ਵਿਦੇਸ਼ ਜਾਣ ਦੀ ਆਗਿਆ ਨਹੀਂ ਮਿਲ ਰਹੀ। ਇਸ ਸਬੰਧੀ ਗੱਲ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਚਿੱਠੀ ਲਿਖ ਕੇ ਕਰੋਨਾ ਰੋਕੂ ਵੈਕਸੀਨ ਮੁਹੱਈਆ ਕਰਵਾਉਣ ਮੰਗ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਦੇਸ਼ ’ਚ ਕਰੋਨਾ ਰੋਕੂ ਵੈਕਸੀਨ ਦਾ ਉਤਪਾਦਨ ਬੰਦ ਕਰਵਾ ਦਿੱਤਾ ਸੀ, ਜਿਸ ਦੇ ਚਲਦਿਆਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿਚ ਵੀ ਕਰੋਨਾ ਰੋਕੂ ਵੈਕਸੀਨ ਖਤਮ ਹੋਣ ਦੀ ਸਮੱਸਿਆ ਆਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਸਰਕਾਰ ਕੋਲੋਂ ਪੰਜਾਬ ਸਰਕਾਰ ਨੂੰ 35000 ਡੋਜ਼ ਕਰੋਨਾ ਰੋਕੂ ਵੈਕਸੀਨ ਦੀਆਂ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਦਾ ਭੁਗਤਾਨ ਕਰਨ ਲਈ ਵੀ ਤਿਆਰ ਹੈ। ਵਿਦੇਸ਼ਾਂ ’ਚ ਬਣ ਰਹੀ ਕਰੋਨਾ ਰੋਕੂ ਵੈਕਸੀਨ ਨੂੰ ਸੂਬਾ ਸਰਕਾਰ ਸਿੱਧੇ ਤੌਰ ’ਤੇ ਨਹੀਂ ਖਰੀਦ ਸਕਦੀ, ਜਿਸ ਦੇ ਚਲਦਿਆਂ ਕੇਂਦਰ ਸਰਕਾਰ ਨੂੰ ਹੀ ਵੈਕਸੀਨ ਮੁਹੱਈਆ ਕਰਵਾਉਣ ਲਈ ਕਦਮ ਚੁੱਕਣੇ ਹੋਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …