ਬੀਬੀ ਜਗੀਰ ਕੌਰ ਨੇ ਕਿਹਾ : ਨਾ ਭਾਜਪਾ ’ਚ ਜਾਵਾਂਗੀ ਨਾ ਭਾਜਪਾ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਾਂਗੀ
ਬੇਗੋਵਾਲ/ਬਿਊਰੋ ਨਿਊਜ਼
ਅਗਾਮੀ 2024 ਦੀਆਂ ਲੋਕ ਸਭਾ ਚੋਣਾਂ ਅਤੇ ਜਲੰਧਰ ਲੋਕ ਸਭਾ ਹਲਕੇ ’ਤੇ ਹੋ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸਰਗਰਮੀ ਵਧਾਈ ਹੋਈ ਹੈ। ਇਸਦੇ ਚੱਲਦਿਆਂ ਆਏ ਦਿਨ ਪੰਜਾਬ ਦਾ ਕੋਈ ਨਾ ਕੋਈ ਸੀਨੀਅਰ ਆਗੂ ਭਾਜਪਾ ਵਿਚ ਸ਼ਾਮਲ ਹੋ ਰਿਹਾ ਹੈ। ਚਾਹੇ ਉਹ ਕਾਂਗਰਸ ਪਾਰਟੀ ਦਾ ਆਗੂ ਹੋਵੇ ਜਾਂ ਸ਼ੋ੍ਰਮਣੀ ਅਕਾਲੀ ਦਲ ਦਾ ਜਾਂ ਕਿਸੇ ਹੋਰ ਸਿਆਸੀ ਪਾਰਟੀ ਦਾ। ਇਸਦੇ ਚੱਲਿਦਆਂ ਵਿਧਾਨ ਸਭਾ ਹਲਕਾ ਭੁਲੱਥ ਦੀ ਸਿਆਸਤ ਉਸ ਵੇਲੇ ਗਰਮਾਈ ਨਜ਼ਰ ਆਈ ਜਦੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਘਰ ਭਾਜਪਾ ਦੇ ਸੀਨੀਅਰ ਨੇਤਾ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਚੇਆਰਮੈਨ ਘੱਟ ਗਿਣਤੀ ਕਮਿਸ਼ਨ ਇਕਬਾਲ ਸਿੰਘ ਲਾਲਪੁਰਾ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਪਹੁੰਚ ਗਏ। ਬੀਬੀ ਜਗੀਰ ਕੌਰ ਦਾ ਜਲੰਧਰ ਦੇ ਲੁਬਾਣਾ ਭਾਈਚਾਰੇ ਵਿਚ ਕਾਫ਼ੀ ਰਸੂਖ ਵੀ ਹੈ। ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵਲੋਂ ਬੀਬੀ ਜਗੀਰ ਕੌਰ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਦੀ ਹਮਾਇਤ ਕਰਨ ਲਈ ਕਿਹਾ ਗਿਆ। ਮੀਡੀਆ ਰਿਪੋਰਟਾਂ ਤੋਂ ਜਾਣਕਾਰੀ ਮਿਲੀ ਹੈ ਕਿ ਬੀਬੀ ਜਗੀਰ ਕੌਰ ਨੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਵਫਦ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਉਹ ਨਾ ਭਾਜਪਾ ਵਿਚ ਸ਼ਾਮਲ ਹੋਣਗੇ ਅਤੇ ਨਾ ਹੀ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ।