ਹਿਮਾਚਲ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਵੀ ਕਰਨਗੇ ਚੋਣ ਪ੍ਰਚਾਰ
ਜਲੰਧਰ/ਬਿਊਰੋ ਨਿਊਜ਼
ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ ਅਤੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਵਲੋਂ ਜਲੰਧਰ ਲੋਕ ਸਭਾ ਹਲਕੇ ਵਿਚ ਚੋਣ ਪ੍ਰਚਾਰ ਕਰਨ ਲਈ 40 ਸੀਨੀਅਰ ਆਗੂਆਂ ਦੀ ਡਿਊਟੀ ਲਗਾ ਦਿੱਤੀ ਹੈ। ਇਨ੍ਹਾਂ ਵਿਚ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਸਣੇ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਵੀ ਸ਼ਾਮਲ ਹਨ। ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਵੀ 22 ਅਪ੍ਰੈਲ ਤੋਂ ਜਲੰਧਰ ਲੋਕ ਸਭਾ ਹਲਕੇ ਵਿਚ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦੇਣਗੇ। ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਪਿਛਲੇ ਸਮੇਂ ਦੌਰਾਨ ਦਿਹਾਂਤ ਹੋ ਗਿਆ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ। ਇਸ ਕਰਕੇ ਹੀ ਜਲੰਧਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਹੋ ਰਹੀ ਹੈ। ਕਾਂਗਰਸ ਪਾਰਟੀ ਨੇ ਚੌਧਰੀ ਸੰਤੋਖ ਸਿੰਘ ਦੀ ਧਰਮ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਬਣਾਇਆ ਹੈ। ਸਿਆਸੀ ਮਾਹਿਰਾਂ ਅਨੁਸਾਰ ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ, ਆਮ ਆਦਮੀ ਪਾਰਟੀ, ਸ਼ੋ੍ਰਮਣੀ ਅਕਾਲੀ ਦਲ-ਬਸਪਾ ਗਠਜੋੜ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਹੋਵੇਗਾ। ਬਾਕੀ 13 ਮਈ ਨੂੰ ਚੋਣ ਨਤੀਜੇ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੀ ਸਿਆਸੀ ਪਾਰਟੀ ਦਾ ਉਮੀਦਵਾਰ ਜਿੱਤ ਪ੍ਰਾਪਤ ਕਰਦਾ ਹੈ।